ਫਿਲੌਰ ’ਚ ਵੱਡੀ ਵਾਰਦਾਤ, ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ
Friday, Oct 14, 2022 - 10:33 PM (IST)
ਫਿਲੌਰ (ਮੁਨੀਸ਼ ਬਾਵਾ) : ਇਥੋਂ ਨਜ਼ਦੀਕੀ ਪਿੰਡ ਮੁਠੱਡਾ ਖੁਰਦ ਵਿਖੇ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਭਤੀਜੇ ਨੇ ਆਪਣੇ ਸਕੇ ਚਾਚੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਸਿੰਘ, ਜੋ ਰਾਤ 8 ਵਜੇ ਦੇ ਕਰੀਬ ਆਪਣੇ ਘਰ ਰੋਟੀ ਖਾ ਰਿਹਾ ਸੀ ਕਿ ਉਸ ਦੇ ਭਤੀਜੇ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ।
ਇਹ ਖ਼ਬਰ ਵੀ ਪੜ੍ਹੋ : ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ
ਉਸ ਨੂੰ ਜ਼ਖ਼ਮੀ ਹਾਲਤ ’ਚ ਫਿਲੌਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ । ਇਸ ਸਬੰਧੀ ਮ੍ਰਿਤਕ ਦੀ ਘਰਵਾਲੀ ਤੇ ਪੁੱਤਰ ਨੇ ਦੱਸਿਆ ਕਿ ਉਹ ਘਰ ’ਚ ਨਹੀਂ ਸਨ, ਜੋ ਆਪਣੇ ਰਿਸ਼ਤੇਦਾਰਾਂ ਦੇ ਗਏ ਹੋਏ ਸਨ ਮਗਰੋਂ ਉਨ੍ਹਾਂ ਦੇ ਭਤੀਜੇ ਨੇ ਉਨ੍ਹਾਂ ਦੇ ਪਤੀ ’ਤੇ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਇਸ ਮਾਮਲੇ ਸੰਬੰਧੀ ਥਾਣਾ ਮੁਖੀ ਫਿਲੌਰ ਸੁਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਦੋਸ਼ੀ ਬਲਦੇਵ ਸਿੰਘ ਨਸ਼ੇ ਦਾ ਆਦੀ ਸੀ ਅਤੇ ਉਸ ਨੂੰ ਗੁੱਸਾ ਬਹੁਤ ਆਉਂਦਾ ਸੀ । ਬਲਦੇਵ ਸਿੰਘ ਦੇ ਗੁੱਸੇ ਕਾਰਨ ਹੀ ਉਸ ਦੀ ਘਰਵਾਲੀ ਉਸ ਨੂੰ ਛੱਡ ਕੇ ਪੇਕੇ ਗਈ ਹੋਈ ਸੀ, ਜਿਸ ਦੇ ਚੱਲਦਿਆਂ ਉਸ ਨੇ ਗੁੱਸੇ ’ਚ ਆ ਕੇ ਆਪਣੇ ਸਕੇ ਚਾਚੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।