ਫੋਨ ਟੈਪ ਮਾਮਲੇ ''ਚ ਅਕਾਲੀ ਦਲ ਦਾ ਹੱਲਾ ਬੋਲ, ਵਿਧਾਨ ਸਭਾ ਸਪੀਕਰ ਤੋਂ ਮੰਗੀ ਕਾਰਵਾਈ

Thursday, Nov 21, 2019 - 05:21 PM (IST)

ਫੋਨ ਟੈਪ ਮਾਮਲੇ ''ਚ ਅਕਾਲੀ ਦਲ ਦਾ ਹੱਲਾ ਬੋਲ, ਵਿਧਾਨ ਸਭਾ ਸਪੀਕਰ ਤੋਂ ਮੰਗੀ ਕਾਰਵਾਈ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਦੇ ਫੋਨ ਟੈਪ ਕਰਵਾ ਕੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਹੈ। ਇਸ ਤੋਂ ਇਲਾਵਾ ਪਾਰਟੀ ਨੇ ਦੋਸ਼ੀਆਂ ਨੂੰ ਫੜਨ ਲਈ ਇਕ ਵੱਖਰਾ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਕੱਲ ਪਟਿਆਲਾ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ 'ਚ ਆਪਣੀ ਸਰਕਾਰ 'ਤੇ ਉਨ੍ਹਾਂ ਦੇ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਤਾਂ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਇਥੋਂ ਤੱਕ ਪੁੱਛਿਆ ਸੀ ਕਿ ਕੀ ਉਨ੍ਹਾਂ ਦੇ ਫ਼ੋਨ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਟੈਪ ਕੀਤੇ ਜਾ ਰਹੇ ਹਨ ਪਰ ਕਾਂਗਰਸੀ ਮੰਤਰੀ ਨੇ ਇਸ ਬਾਰੇ ਕੋਈ ਵੀ ਸਪੱਸ਼ਟੀਕਰਨ ਦੇਣ ਤੋਂ ਇਨਕਾਰ ਕਰ ਦਿੱਤਾ।

ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਦਾ ਗੰਭੀਰ ਨੋਟਿਸ ਲੈਂਦਾ ਹੈ ਅਤੇ ਵਿਧਾਨ ਸਭਾ ਸਪੀਕਰ ਨੂੰ ਅਪੀਲ ਕਰਦਾ ਹੈ ਕਿ ਉਹ ਵੀ ਇਸ ਦਾ ਨੋਟਿਸ ਲੈਣ ਅਤੇ ਵਿਧਾਇਕਾਂ ਦੀ ਨਿੱਜਤਾ ਦੀ ਰਾਖੀ ਕਰਨ, ਜਿਸ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ ਤੋਂ ਸਪੀਕਰ ਨੂੰ ਇਨ੍ਹਾਂ ਵਿਧਾਇਕਾਂ ਨੂੰ ਸੱਦ ਕੇ ਉਨ੍ਹਾਂ ਦੇ ਬਿਆਨ ਰਿਕਾਰਡ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਨੇ ਸਰਕਾਰੀ ਮੀਟਿੰਗ ਦੌਰਾਨ ਪੁਲਸ ਅਧਿਕਾਰੀਆਂ 'ਤੇ ਉਸ ਦਾ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ, ਇਸ ਮਾਮਲੇ ਦੀ ਵੱਖਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਹਰਕਤ ਲਈ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਖ਼ਿਲਾਫ਼ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। 

ਅਕਾਲੀ ਆਗੂ ਨੇ ਕਾਂਗਰਸ ਸਰਕਾਰ ਨੂੰ ਵੀ ਸਪੱਸ਼ਟ ਕਰਨ ਲਈ ਆਖਿਆ ਕਿ ਕੀ ਜਿਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ, ਉਨ੍ਹਾਂ ਦੇ ਕਿਸੇ ਅਪਰਾਧਿਕ ਮਾਮਲੇ 'ਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ? ਉੁਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਵਿਧਾਇਕਾਂ ਦੇ ਫ਼ੋਨ ਟੈਪ ਕਰਨ ਸਬੰਧੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਵਿਧਾਇਕਾਂ ਦੇ ਫ਼ੋਨ ਕਿਉਂ ਟੈਪ ਕੀਤੇ ਜਾ ਰਹੇ ਹਨ।


author

Gurminder Singh

Content Editor

Related News