ਸ੍ਰੀ ਹਜ਼ੂਰ ਸਾਹਿਬ ਵਾਪਰੀ ਘਟਨਾ ਸਬੰਧੀ ਗ੍ਰਿਫ਼ਤਾਰ ਸ਼ਰਧਾਲੂਆਂ ਨੂੰ ਰਿਹਾਅ ਕੀਤਾ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

Saturday, Apr 03, 2021 - 08:26 PM (IST)

ਮਹਿਤਾ ਚੌਕ / ਅੰਮ੍ਰਿਤਸਰ : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਨਾਲ ਹੋਈ ਝੜਪ ਦੀ ਆੜ 'ਚ ਮਹਾਰਾਸ਼ਟਰ ਪੁਲਸ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਖ਼ਿਲਾਫ਼ ਸੰਗੀਨ ਧਾਰਾਵਾਂ ਅਧੀਨ ਪਰਚੇ ਦਰਜ ਕੀਤੇ ਗਏ ਹਨ। ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਅਣਮਨੁੱਖੀ ਤਸ਼ੱਦਦ ਕੀਤੇ ਜਾਣ ਦੀ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਰਜ ਕੇਸ ਤੁਰੰਤ ਰੱਦ ਕਰਦਿਆਂ ਗ੍ਰਿਫ਼ਤਾਰ ਸ਼ਰਧਾਲੂਆਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ’ਚ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਣ ਵਾਲਾ ਇਕ ਅਹਿਮ ਦਿਹਾੜਾ ਹੈ।

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੀ ਹਰ ਸਾਲ ਇਹ ਸਮਾਗਮ ਧੂਮ ਧਾਮ ਮਨਾਉਂਦੀਆਂ ਹਨ। ਇਸ ਵਾਰ ਮਹਾਰਾਸ਼ਟਰ ਪੁਲਸ ਪ੍ਰਸ਼ਾਸਨ ਵੱਲੋਂ ਸਮਾਗਮ ਲਈ ਪ੍ਰਵਾਨਗੀ ਨਾ ਦੇਣ ’ਤੇ ਸਿੱਖ ਸੰਗਤਾਂ ਦੇ ਮਨਾਂ 'ਚ ਉੱਠੇ ਰੋਸ ਕਾਰਨ ਨਾਂਦੇੜ ਵਿਖੇ ਉਕਤ ਮੰਦਭਾਗੀ ਘਟਨਾ ਵਾਪਰੀ ਹੈ | ਉਨ੍ਹਾਂ ਦੇਸ਼ 'ਚ ਘੱਟ ਗਿਣਤੀ ਕੌਮਾਂ ਦੇ ਤਿਉਹਾਰਾਂ ਮੌਕੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਵਿਤਕਰੇਬਾਜ਼ੀ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਨਾਂਦੇੜ ਦੇ ਵਰਤਾਰੇ ਨੇ ਦੇਸ਼ ਲਈ ਕਈ ਮਹਾਨ ਕੁਰਬਾਨੀਆਂ ਕਰਨ ਵਾਲੀ ਸਿਖ ਕੌਮ ਨੂੰ ਇਕ ਵਾਰ ਫਿਰ ਬੇਗਾਨਗੀ ਦਾ ਅਹਿਸਾਸ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਹਜ਼ੂਰ ਸਾਹਿਬ ਦੇ ਸਿੱਖਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।  ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਉਕਤ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਅਤੇ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ 'ਤੇ ਹੋਏ ਪਰਚੇ ਤੁਰੰਤ ਰੱਦ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ |
 


Anuradha

Content Editor

Related News