ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ ਹੁਣ 20 ਜਨਵਰੀ ਤੱਕ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ

01/06/2022 6:06:43 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਖ਼ ਵਿਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ।ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਜਨਵਰੀ 2022 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 31 ਦਸੰਬਰ 2021 ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਤਾਰੀਖ਼ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Harnek Seechewal

This news is Content Editor Harnek Seechewal