ਗੁਲਾਬੀ ਸੁੰਡੀ ਦੇ ਹਮਲੇ ਮਗਰੋਂ ਵਿਭਾਗ ਪੱਬਾਂ ਭਾਰ, ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ

Thursday, Nov 28, 2024 - 05:28 PM (IST)

ਡੇਰਾਬੱਸੀ (ਗੁਰਜੀਤ) : ਪੰਜਾਬ ਦੇ ਕਈ ਇਲਾਕਿਆਂ 'ਚ ਕਣਕ 'ਤੇ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਡੇਰਾਬੱਸੀ ਖੇਤੀਬਾੜੀ ਵਿਭਾਗ ਪੱਬਾਂ ਭਾਰ ਹੋ ਗਿਆ ਹੈ। ਬਲਾਕ ਖੇਤੀਬਾੜੀ ਅਫ਼ਸਰ ਡਾ. ਸੰਦੀਪ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਦਾਨਿਸ਼ ਨੇ ਖੇਤੀਬਾੜੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕਣਕ ਦੀ ਬਿਜਾਈ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਤਾਪਮਾਨ ਵਿੱਚ ਕਮੀ ਨਾ ਆਉਣ ਦੇ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ। ਬਲਾਕ ਖੇਤੀਬਾੜੀ ਅਫ਼ਸਰ ਡਾ. ਸੰਦੀਪ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਵਿੱਚ ਸਵੇਰੇ-ਸ਼ਾਮ ਗੁਲਾਬੀ ਸੁੰਡੀ ਦੇ ਹਮਲੇ ਦਾ ਨਿਰੀਖਣ ਜ਼ਰੂਰ ਕਰਨ, ਜੇਕਰ ਕਿਸੇ ਤਰ੍ਹਾਂ ਦੀ ਬਿਮਾਰੀ ਕੀੜਾ-ਮਕੌੜਾ ਨਜ਼ਰ ਆਉਂਦਾ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਤੁਰੰਤ ਸੰਪਰਕ ਕਰਨ।

ਖੇਤੀਬਾੜੀ ਵਿਕਾਸ ਅਫ਼ਸਰ ਡਾ. ਦਨਿਸ਼ ਨੇ ਦੱਸਿਆ ਕਿ ਗੁਲਾਬੀ ਸੁੰਡੀ ਦਾ ਹਮਲਾ ਹੋਣ 'ਤੇ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਇਕ ਲੀਟਰ ਕਲੋਰੋਪੈਰੀਫਾਸ 20 ਤਾਕਤ ਦਵਾਈ ਨੂੰ 20 ਕਿੱਲੋ ਰੇਤੇ ਵਿੱਚ ਮਿਲਾ ਕੇ ਪਹਿਲੇ ਪਾਣੀ ਤੋਂ ਪਹਿਲਾਂ ਖੇਤਾਂ ਵਿੱਚ ਛਿੱਟਾ ਦੇਣ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਭਰਾ ਖੇਤਾਂ ਵਿੱਚ ਦਿਨ ਵੇਲੇ ਪਾਣੀ ਦੇਣ ਨੂੰ ਤਰਜ਼ੀਹ ਦੇਣ ਤਾਂ ਜੋ ਗੁਲਾਬੀ ਸੁੰਡੀ ਪੰਛੀਆਂ ਦੇ ਵੱਧ ਤੋਂ ਵੱਧ ਹਮਲੇ ਦਾ ਸ਼ਿਕਾਰ ਹੋ ਸਕਣ।
 


Babita

Content Editor

Related News