ਅਕਾਲੀਆਂ ਦੇ ਯੋਜਨਾਬੱਧ ਧਰਨੇ ਸਿਰਫ ਡਰਾਮੇਬਾਜ਼ੀ : ਕੈਪਟਨ
Monday, Apr 05, 2021 - 02:10 AM (IST)
ਚੰਡੀਗੜ੍ਹ, (ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਦੇ ਯੋਜਨਾਬੱਧ ਪ੍ਰਦਰਸ਼ਨਾਂ ਨੂੰ ਬਾਦਲਾਂ ਦਾ ਡਰਾਮਾ ਦੱਸਦੇ ਹੋਏ ਇਸ ਨੂੰ ਪੰਜਾਬ ਵਿਚ ਪਾਰਟੀ ਦੀ ਗਵਾਚੀ ਹੋਈ ਸਾਖ ਨੂੰ ਬਹਾਲ ਕਰਨ ਦੀ ਬੌਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਜਿਹੀਆਂ ਨੌਟੰਕੀਆਂ ਕੰਮ ਨਹੀਂ ਆਉਣਗੀਆਂ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ’ਤੇ ਬੇਸ਼ਰਮੀ ਨਾਲ ਅਪਣਾਏ ਦੋਹਰੇ ਮਾਪਦੰਡਾਂ ਦਾ ਭਾਂਡਾ ਭੱਜਣ ਕਾਰਨ ਅਕਾਲੀ ਆਪਣਾ ਅਕਸ ਪੂਰੀ ਤਰ੍ਹਾਂ ਖਰਾਬ ਕਰ ਚੁੱਕੇ ਹਨ।
ਕੈਪਟਨ ਨੇ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਅੰਦੋਲਨ ਸਮੇਤ ਹੋਰ ਕਈ ਵੱਡੇ ਮੁੱਦਿਆਂ ’ਤੇ ਦੋਗਲੀ ਬੋਲੀ ਕਾਰਨ ਸੂਬੇ ਦੇ ਲੋਕਾਂ ਦਾ ਸਾਹਮਣਾ ਕਰਨ ਦਾ ਨੈਤਿਕ ਆਧਾਰ ਗੁਆਉਣ ਤੋਂ ਬਾਅਦ ਅਕਾਲੀ ਦਲ ਹੁਣ ਸੂਬੇ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਨਜ਼ਰਾਂ ਵਿਚ ਚੰਗਾ ਸਾਬਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨਾਂ, ਜਿਨ੍ਹਾਂ ਨੂੰ ਉਨ੍ਹਾਂ ਨੇ ਕਈ ਪ੍ਰਮੁੱਖ ਮੁੱਦਿਆਂ ’ਤੇ ਸੂਬਾ ਸਰਕਾਰ ਦੇ ਅਸਫਲ ਰਹਿਣ ਵਿਰੁੱਧ ਦੱਸਿਆ ਹੈ, ਤੋਂ ਇਕ ਦਿਨ ਪਹਿਲਾਂ ਜਾਰੀ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ‘‘ਵੱਧ ਬਿਜਲੀ ਦਰਾਂ, ਤੇਲ ’ਤੇ ਵੱਧ ਟੈਕਸ ਅਤੇ ਅਮਨ-ਕਾਨੂੰਨ ਦੀ ਵਿਵਸਥਾ’’ ਬਾਰੇ ਅਕਾਲੀਆਂ ਦੇ ਦਾਅਵਿਆਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਕਾਲੀ ਦਲ ਹੀ ਹੈ, ਜਿਸ ਨੇ ਭਾਰਤੀ ਜਨਤਾ ਪਾਰਟੀ ਦੀ ਸਾਂਝ ਭਿਆਲੀ ਨਾਲ ਆਪਣੇ 10 ਸਾਲਾਂ ਦੇ ਸ਼ਾਸ਼ਨ ਦੌਰਾਨ ਪੰਜਾਬ ਨੂੰ ਅਜਿਹੇ ਹਾਲਾਤ ਵਿਚ ਧੱਕ ਦਿੱਤਾ।
ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਦੇ ਦੋਹਰੇ ਚਿਹਰੇ ਨੂੰ ਪਛਾਣ ਲਿਆ ਹੈ ਅਤੇ ਹੁਣ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।