PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ, ਸਖ਼ਤ ਕੀਤੀ ਗਈ ਸੁਰੱਖਿਆ

Monday, Aug 22, 2022 - 09:22 AM (IST)

PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ, ਸਖ਼ਤ ਕੀਤੀ ਗਈ ਸੁਰੱਖਿਆ

ਮੋਹਾਲੀ (ਸੰਦੀਪ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਖ਼ੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁੱਟ ਭੇਜ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਨਿਊ ਚੰਡੀਗੜ੍ਹ ਇਲਾਕੇ 'ਚ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਹਨ। ਇਸ ਸਬੰਧ 'ਚ ਦੇਸ਼ ਵਿਰੋਧੀ ਤਾਕਤਾਂ ਦੀਆਂ ਵੱਧਦੀਆਂ ਗਤੀਵਿਧੀਆਂ ਦੇ ਖ਼ਦਸ਼ੇ ਕਾਰਨ ਇੰਟੈਲੀਜੈਂਸ ਬਿਊਰੋ (ਆਈ. ਬੀ.) ਵੱਲੋਂ ਇਨਪੁੱਟ ਭੇਜੇ ਗਏ ਹਨ ਕਿ ਅੱਤਵਾਦੀ ਸੰਗਠਨ ਇਸ ਮੌਕੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੋਹਾਲੀ ਪੁਲਸ ਅਤੇ ਚੰਡੀਗੜ੍ਹ ਪੁਲਸ ਨੂੰ ਵਿਸ਼ੇਸ਼ ਚੌਕਸੀ ਰੱਖਣ ਅਤੇ ਭੀੜ ਵਾਲੀਆਂ ਥਾਵਾਂ ’ਤੇ ਚੈਕਿੰਗ ਵਧਾਉਣ, ਲੋਕਾਂ ਦੀ ਆਵਾਜਾਈ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : 24 ਅਗਸਤ ਨੂੰ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਾਲ-ਨਾਲ ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਦਾਇਰੇ 'ਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਸ ਵੱਲੋਂ 5 ਜ਼ਿਲ੍ਹਿਆਂ ਦੇ ਅਧਿਕਾਰੀ ਤਾਇਨਾਤ ਕੀਤੇ ਜਾਣੇ ਹਨ, ਜਿਸ ਲਈ ਮੋਹਾਲੀ, ਰੋਪੜ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਦੀ ਛੁੱਟੀ ’ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਇਸ ਦੇ ਮੱਦੇਨਜ਼ਰ ਪੁਲਸ ਨੇ ਸਾਰੇ ਮਹੱਤਵਪੂਰਨ ਸਥਾਨਾਂ, ਇਮਾਰਤਾਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਹੈ। ਉੱਚ ਅਧਿਕਾਰੀ ਖ਼ੁਦ ਮੈਦਾਨ ’ਚ ਉੱਤਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ’ਚ ਕੋਈ ਕਮੀ ਨਾ ਰਹਿ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਕੱਚੇ ਅਧਿਆਪਕਾਂ ਨੇ ਸਾਰੇ ਪ੍ਰਦਰਸ਼ਨ ਖ਼ਤਮ ਕਰਨ ਦਾ ਲਿਆ ਫ਼ੈਸਲਾ, ਜਾਣੋ ਕਾਰਨ
ਖੁਫ਼ੀਆ ਵਿਭਾਗ ਦੇ ਮੁੱਖ ਦਫ਼ਤਰ ਨੂੰ ਅੱਤਵਾਦੀ ਬਣਾ ਚੁੱਕੇ ਹਨ ਨਿਸ਼ਾਨਾ
ਹਾਲ ਹੀ 'ਚ ਮਈ ਮਹੀਨੇ 'ਚ ਮੋਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀਆਂ ਨੇ ਇੱਥੇ ਇਮਾਰਤ ਦੀ ਤੀਜੀ ਮੰਜ਼ਿਲ ’ਤੇ ਰਾਕੇਟ ਪ੍ਰੋਪੁਲਡ ਗ੍ਰਨੇਡ ਨਾਲ ਹਮਲਾ ਕੀਤਾ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਦੀ ਸੁਰੱਖਿਆ ਵਿਵਸਥਾ ਵੀ ਸਵਾਲਾਂ ਦੇ ਘੇਰੇ 'ਚ ਆ ਗਈ ਸੀ। ਇਸ ਵਾਰਦਾਤ ਦੇ ਪਿੱਛੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦਿਆਂ ਪੁਲਸ ਨੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਇਸ ਦੇ ਬਾਵਜੂਦ ਪੁਲਸ ਦੇ ਖ਼ੁਫੀਆ ਵਿਭਾਗ ਦੇ ਹੈੱਡਕੁਆਰਟਰ ’ਤੇ ਇਸ ਤਰ੍ਹਾਂ ਹਮਲਾ ਪੂਰੇ ਸੂਬੇ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ। ਇਸ ਲਈ ਇਹ ਵੀ ਯਕੀਨੀ ਨਹੀਂ ਹੈ ਕਿ ਉਕਤ ਸੰਸਥਾਵਾਂ ਕੋਲ ਕਿੰਨੇ ਹੋਰ ਆਰ. ਪੀ. ਜੀ. ਹਨ। ਬੱਸਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਐਤਵਾਰ ਤੋਂ ਹੀ ਇਲਾਕੇ 'ਚ ਅਚਨਚੇਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਸੀ। ਐੱਸ. ਪੀ. ਸਿਟੀ ਅਕਾਸ਼ਦੀਪ ਸਿੰਘ ਔਲਖ ਦੀ ਦੇਖ-ਰੇਖ ਹੇਠ ਦਾਰਾ ਸਟੂਡੀਓ ਨੇੜੇ ਦੂਜੇ ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਡੀ. ਐੱਸ. ਪੀ ਸਿਟੀ-2 ਹਰਸ਼ਿੰਦਰ ਸਿੰਘ ਮਾਨ ਦੀ ਨਿਗਰਾਨੀ ਹੇਠ ਸ਼ੱਕੀ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਫੇਜ਼-1 ਦੇ ਸਟੇਸ਼ਨ ਇੰਚਾਰਜ ਸੁਮਿਤ ਮੌੜ ਖ਼ੁਦ ਆਪਣੀ ਟੀਮ ਸਮੇਤ ਵਾਹਨਾਂ ਦੀ ਚੈਕਿੰਗ ਕਰਦੇ ਨਜ਼ਰ ਆਏ। ਦੂਜੇ ਪਾਸੇ ਡੀ. ਐੱਸ. ਪੀ. ਸਿਟੀ-ਸਿਮਰਨਜੀਤ ਸਿੰਘ ਵੱਲੋਂ ਫੋਰਸ ਦੀ ਦੇਖ-ਰੇਖ ਹੇਠ ਫੇਜ਼-11 ਦੇ ਸਾਰੇ ਮਹੱਤਵਪੂਰਨ ਸਥਾਨਾਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ। ਫੇਜ਼-11 ਥਾਣਾ ਇੰਚਾਰਜ ਗਗਨਦੀਪ ਸਿੰਘ ਖ਼ੁਦ ਚੈਕਿੰਗ ਮੁਹਿੰਮ ਨੂੰ ਦੇਖਦੇ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News