PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ

Friday, Jul 17, 2026 - 03:09 PM (IST)

PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ

ਚੰਡੀਗੜ੍ਹ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ-ਹਰਿਆਣਾ ਦੇ ਦੌਰੇ 'ਤੇ ਹਨ। ਸਵੇਰੇ ਹਰਿਆਣਾ ਵਿਖੇ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਫੈਲਾਉਣ ਵਾਲੇ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਇਕ ਸ਼ਹਿਰ ਨਹੀਂ, ਸਗੋਂ ਭਾਰਤ ਲਈ ਵਿਕਾਸ ਦਾ ਮਾਡਲ ਰਿਹਾ ਹੈ। ਚੰਡੀਗੜ੍ਹ ਮਾਂ ਚੰਡੀ ਦਾ ਅਸ਼ੀਰਵਾਦ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਚ ਅੰਗਰੇਜ਼ਾਂ ਦੇ ਕਾਨੂੰਨਾਂ ਦੀ ਥਾਂ ਭਾਰਤੀ ਨਿਆਂ ਸੰਹਿਤਾ ਲਾਗੂ ਕੀਤਾ ਗਿਆ, ਤਾਂ ਉਸ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਕੀਤੀ ਗਈ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿਚ ਸਿਹਤ ਸਹੂਲਤਾਂ ਅਤੇ ਸਵੱਛਤਾ ਮੁਹਿੰਮ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਦੀ ਧਰਤੀ ਤੋਂ ਸੇਵਾਮੁਕਤ ਆਈ.ਪੀ.ਐੱਸ. ਅਫ਼ਸਰ ਇੰਦਰਜੀਤ ਸਿੰਘ ਸਿੱਧੂ ਦੇ ਯਤਨਾਂ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਵਿਚ ਸਵੱਛਤਾ ਨੂੰ ਲੈ ਕੇ ਨਵੀਂ ਅਲਖ ਜਗਾਈ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਲਈ ਉਨ੍ਹਾਂ ਨੂੰ ਇਸੇ ਸਾਲ ਪਦਮ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। 

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਨਵੇਂ ਬਣਨ ਵਾਲੇ ਹਾਈਵੇਅਜ਼ ਨਾਲ ਜਿੱਥੇ ਲੋਕਾਂ ਨੂੰ ਟ੍ਰੈਫ਼ਿਕ ਜਾਮ ਤੋਂ ਰਾਹਤ ਮਿਲੇਗੀ, ਉੱਥੇ ਹੀ ਉਦਯੋਗਾਂ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਜਲੰਧਰ ਜਾ ਰਹੇ ਹਨ,  ਜਿੱਥੇ ਰੇਲਵੇ ਨਾਲ ਜੁੜੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਫ਼ਾਇਦਾ ਪੂਰੇ ਪੰਜਾਬ ਤੋਂ ਇਲਾਵਾ ਨਾਲ ਲਗਦੇ ਇਲਾਕਿਆਂ ਨੂੰ ਵੀ ਹੋਵੇਗਾ। ਉਨ੍ਹਾਂ ਨੇ ਇਨ੍ਹਾਂ ਪ੍ਰਾਜੈਕਟਾਂ ਲਈ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਮੰਚ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਕੇਂਦਰੀ ਮੰਤਰੀ ਜੇ. ਪੀ. ਨੱਡਾ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾਰੀ ਵੀ ਮੌਜੂਦ ਰਹੇ।

ਹੋਰ ਪ੍ਰੋਜੈਕਟਾਂ ਦੇ ਨਾਲ, ਮੋਦੀ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਦਾ ਉਦਘਾਟਨ ਕੀਤਾ। ਐਡਵਾਂਸਡ ਨਿਊਰੋਸਾਇੰਸ ਸੈਂਟਰ ਇੱਕੋ ਛੱਤ ਹੇਠ ਨਿਊਰੋਲੋਜੀ, ਨਿਊਰੋਸਰਜਰੀ, ਨਿਊਰੋ-ਕ੍ਰਿਟੀਕਲ ਕੇਅਰ ਅਤੇ ਐਡਵਾਂਸਡ ਡਾਇਗਨੌਸਟਿਕ ਸਹੂਲਤਾਂ ਵਿੱਚ ਏਕੀਕ੍ਰਿਤ ਸੇਵਾਵਾਂ ਪ੍ਰਦਾਨ ਕਰੇਗਾ। ਇਹ ਗੁੰਝਲਦਾਰ ਨਿਊਰੋਲੋਜੀਕਲ ਵਿਕਾਰਾਂ ਤੋਂ ਪੀੜਤ ਮਰੀਜ਼ਾਂ ਲਈ ਸਮੇਂ ਸਿਰ ਅਤੇ ਵਿਸ਼ਵ ਪੱਧਰੀ ਇਲਾਜ ਨੂੰ ਯਕੀਨੀ ਬਣਾਏਗਾ ਜਦੋਂ ਕਿ ਨਿਊਰੋਸਾਇੰਸ ਵਿੱਚ ਡਾਕਟਰੀ ਖੋਜ, ਸਿੱਖਿਆ ਅਤੇ ਸਿਖਲਾਈ ਨੂੰ ਮਜ਼ਬੂਤ ​​ਕਰੇਗਾ। ਮੋਦੀ ਨੇ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ (ਪੀਐਮ-ਅਭਿਮ) ਦੇ ਤਹਿਤ 150 ਬਿਸਤਰਿਆਂ ਵਾਲੇ ਅਤਿ-ਆਧੁਨਿਕ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ।

ਹੁਣ ਪ੍ਰਧਾਨ ਮੰਤਰੀ ਮੋਦੀ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਲੋਕ-ਅਰਪਿਤ ਕਰਨਗੇ। ਇਸ ਦੇ ਨਾਲ ਹੀ ਉਹ ਅੰਮ੍ਰਿਤ ਭਾਰਤ ਸਕੀਮ ਤਹਿਤ ਦੇਸ਼ ਭਰ ਦੇ 75 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਸ ਮਗਰੋਂ ਉਹ ਸੰਤ ਸਮਾਜ ਨਾਲ ਵੀ ਮੁਲਾਕਾਤ ਕਰਨਗੇ। 


author

Anmol Tagra

Content Editor

Related News