ਪੰਜਾਬ ''ਚ PM ਮੋਦੀ ਦੀਆਂ ਰੈਲੀਆਂ ਦਾ ਕਾਂਗਰਸ ਤੇ ਕਿਸਾਨ ਜੱਥੇਬੰਦੀਆਂ ਕਰਨਗੀਆਂ ਵਿਰੋਧ
Saturday, Feb 12, 2022 - 12:35 PM (IST)
ਚੰਡੀਗੜ੍ਹ (ਰਮਨਜੀਤ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਆਨਲਾਈਨ ਤਰੀਕੇ ਨਾਲ ਇਕ ਅਹਿਮ ਮੀਟਿੰਗ ਹੋਈ। ਬੈਠਕ ਦੌਰਾਨ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਤਲਾਂ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਸੰਗੀਨ ਦੋਸ਼ੀ ਹੋਣ ਦੇ ਬਾਵਜੂਦ ਦਿੱਤੀ ਗਈ, ਜ਼ਮਾਨਤ ਦੀ ਸਖ਼ਤ ਸ਼ਬਦਾਂ ਵਿਚ ਨਿਖ਼ੇਧੀ ਕੀਤੀ ਗਈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਪਿਛਲੀ ਫੇਰੀ ਦੌਰਾਨ ਸੜਕ ਉਪਰ ਧਰਨਾ ਦੇ ਰਹੇ ਕਿਸਾਨਾਂ ਉਪਰ ਸੰਗੀਨ ਧਾਰਾਵਾਂ ਲਾ ਕੇ ਕੀਤੇ ਗਏ ਮੁਕੱਦਮੇ ਵਿਚ ਕਿਸਾਨਾਂ ਨੂੰ ਤੰਗ-ਪਰੇਸ਼ਾਨ ਕਰਨ ਦੀ ਨਿਖ਼ੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਨਵਾਂ ਅਲਰਟ ਜਾਰੀ, ਜਾਣੋ ਅਗਲੇ 3 ਦਿਨ ਕਿਹੋ ਜਿਹਾ ਰਹੇਗਾ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੋਖੀ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਨੂੰ ਵੀ ਭਾਜਪਾ ਦੇ ਨਾਲ ਸਬਕ ਸਿਖਾਇਆ ਜਾਵੇ ਅਤੇ ਪੰਜਾਬ ਦੇ ਲੋਕਾਂ ਵਲੋਂ ਇਨ੍ਹਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦਾ ਵੱਡਾ ਬਿਆਨ, 'CM ਚੰਨੀ ਦੇ ਭਾਣਜੇ ਨੂੰ ਬੋਰੀਆਂ 'ਚ ਪਾ-ਪਾ ਕੁੱਟਿਆ ਗਿਆ'
ਮੀਟਿੰਗ ’ਚ ਸ਼ਾਮਲ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾ. ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ ਕਲਾਂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਸੁਖਪਾਲ ਸਿੰਘ ਡਫਰ, ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਹਰਪਾਲ ਸਿੰਘ ਸੰਘਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਹਰਦੇਵ ਸਿੰਘ ਸੰਧੂ ਆਦਿ ਨੇ ਐਲਾਨ ਕੀਤਾ ਹੈ 14 ਤਰੀਕ ਨੂੰ ਪਿੰਡਾਂ ’ਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 16 ਫਰਵਰੀ ਨੂੰ ਤਹਿਸੀਲ ਪੱਧਰਾਂ ’ਤੇ ਇਕੱਠੇ ਹੋ ਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਇਲਾਕੇ ਅੰਦਰ ਰੈਲੀ ਹੋਵੇਗੀ ਉਥੇ ਕਿਸਾਨਾਂ ਵੱਲੋਂ ਸੜਕਾਂ ਕੰਢੇ ਖੜ੍ਹੇ ਹੋ ਕੇ ਕਾਲੇ ਝੰਡੇ ਵਿਖਾਏ ਜਾਣਗੇ।
ਇਹ ਵੀ ਪੜ੍ਹੋ : ਬੈਂਸ ਤੇ ਕੜਵਲ ਦਰਮਿਆਨ ਹਿੰਸਕ ਝਗੜੇ ਦਾ ਮਾਮਲਾ, SIT ਨੇ ਫਾਰੈਂਸਿਕ ਜਾਂਚ ਲਈ ਭੇਜੇ ਤੱਥ
ਪ੍ਰਧਾਨ ਮੰਤਰੀ ਮੋਦੀ ਪੰਜਾਬ ਆਉਣਗੇ ਤਾਂ ਵਿਰੋਧ ਕੀਤਾ ਜਾਵੇਗਾ : ਬਿੱਟੂ
ਅੰਮ੍ਰਿਤਸਰ/ਚੰਡੀਗੜ੍ਹ (ਜ. ਬ., ਰਮਨਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਅਤੇ ਕਿਸਾਨਾਂ ਨੇ ਵਿਰੋਧ ਦੇ ਸੁਰ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਪੰਜਾਬ ਆਉਣਗੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਾਲੇ ਕਾਨੂੰਨ ਦੇ ਕੇ ਵੱਡੀਆਂ ਮੁਸੀਬਤਾਂ ’ਚ ਪਾ ਦਿੱਤਾ ਸੀ। ਰਵਨੀਤ ਬਿੱਟੂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਈ. ਡੀ. ਅਤੇ ਸੀ. ਬੀ. ਆਈ. ਤੇ ਕੇਂਦਰੀ ਏਜੰਸੀਆਂ ਤੋਂ ਡਰ ਦਾ ਮਾਹੌਲ ਬਣਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ