ਅਹਿਮ ਖ਼ਬਰ : 5 ਨਵੰਬਰ ਨੂੰ ਡੇਰਾ ਬਿਆਸ ਆਉਣਗੇ PM ਨਰਿੰਦਰ ਮੋਦੀ
Wednesday, Nov 02, 2022 - 06:44 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਮੁੜ ਪੰਜਾਬ ਦੀ ਫੇਰੀ ਲਈ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ 5 ਨਵੰਬਰ ਨੂੰ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਜਾਣਗੇ।
ਪ੍ਰਧਾਨ ਮੰਤਰੀ ਦੀ ਇਹ ਪੰਜਾਬ ਫੇਰੀ ਸੂਬੇ ਦੀ ਸਿਆਸਤ ਲਈ ਅਹਿਮ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਹਿਲਾਂ ਵੀ ਮੁਲਾਕਾਤ ਕਰ ਚੁੱਕੇ ਹਨ। ਇਸੇ ਸਾਲ 13 ਫਰਵਰੀ ਨੂੰ ਡੇਰਾ ਮੁਖੀ ਤੇ ਪ੍ਰਧਾਨ ਮੰਤਰੀ ਵਿਚਾਲੇ ਮੁਲਾਕਾਤ ਹੋਈ ਸੀ ਤੇ ਮੋਦੀ ਨੇ ਡੇਰੇ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਸੀ। ਪੰਜਾਬ ਵਿਚ ਇਸ ਡੇਰੇ ਦੇ ਬਹੁਤ ਸਾਰੇ ਸ਼ਰਧਾਲੂ ਹਨ ਤੇ ਇਸੇ ਕਰਕੇ ਇਹ ਮੁਲਾਕਾਤ ਸੂਬੇ ਦੀ ਸਿਆਸਤ ਲਈ ਅਹਿਮ ਮੰਨੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਦਾਦੂ ਸਾਹਿਬ ਪਹੁੰਚੇ ਡੇਰਾ ਬਿਆਸ ਮੁਖੀ, ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰਿਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। 14 ਫਰਵਰੀ ਨੂੰ ਉਹ ਜਲੰਧਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰ ਕੇ ਗਏ ਸਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਮੋਦੀ ਪੰਜਾਬ ਦਾ ਇਕ ਦੌਰਾ ਕਰ ਚੁੱਕੇ ਹਨ। ਉਹ 24 ਅਗਸਤ ਨੂੰ ਮੋਹਾਲੀ ’ਚ ਹੋਮੀ ਭਾਬਾ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਪੁੱਜੇ ਸਨ।
ਉੱਧਰ, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬੀਤੇ ਦਿਨੀਂ ਹੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਸੀ। ਉਹ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ ਜਿਸ ਤੋਂ ਬਾਅਦ ਦੋਵਾਂ ਵਿਚਾਲੇ ਇਕ ਬੰਦ ਕਮਰਾ ਮੁਲਾਕਾਤ ਹੋਈ ਸੀ, ਜੋ ਇਕ ਘੰਟਾ ਚੱਲੀ।