ਬਟਾਲਾ ''ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਆਂਕੜਾ ਪਹੁੰਚਿਆ 11 ''ਤੇ

08/01/2020 5:02:47 PM

ਬਟਾਲਾ (ਬੇਰੀ) : ਨਸ਼ੇ ਦੀ ਤਸਕਰੀ ਕਰਨ ਵਾਲਾ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਪੁਲਸ ਲਾਈਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਆਂਕੜਾ 11 ਤੱਕ ਪਹੁੰਚ ਗਿਆ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਮੌਤਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ੇਗੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਯਤਨ ਕਰੇਗੀ। 

ਇਹ ਵੀ ਪੜ੍ਹੋ : ਮਾਝੇ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਸ਼ਮਸ਼ਾਨਘਾਟ 'ਚ ਸਸਕਾਰਾਂ ਲਈ ਘੱਟ ਪਈ ਜਗ੍ਹਾ (ਦੇਖੋ ਤਸਵੀਰਾਂ)

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਤੁਰੰਤ ਕਾਰਵਾਈ ਕਰਦੇ ਹੋਏ ਕੇਸ ਦਰਜ ਕਰਵਾਇਆ ਹੈ ਅਤੇ ਦੇਰ ਸ਼ਾਮ ਤੱਕ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਪੁਲਸ ਵਲੋਂ ਵੀ ਕੋਈ ਕਮੀ ਰਹੀ ਹੈ ਤਾਂ ਜ਼ਿੰਮੇਵਾਰ ਅਧਿਕਾਰੀ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਸ ਪੜਤਾਲ ਦੇ ਬਾਅਦ ਪੰਜ ਲੋਕਾਂ ਵਿਰੁੱਧ ਥਾਣਾ ਸਿਟੀ ਵਿਚ ਮੁਕੱਦਮਾ ਨੰ. 201 ਧਾਰਾ 304, 328 ਆਈ.ਪੀ.ਸੀ., 61-1-14 ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਨ ਦੇ ਬਾਅਦ ਇਸ ਮਾਮਲੇ ਵਿਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਤ੍ਰਿਵੈਣੀ ਚੌਹਾਨ ਪਤਨੀ ਸਵ. ਅਸ਼ੋਕ ਚੌਹਾਨ, ਜੈਨੀ ਕੁਮਾਰ ਪੁੱਤਰ ਸਵ. ਅਸ਼ੋਕ ਚੌਹਾਨ, ਦਰਸ਼ਨਾ ਰਾਣੀ ਪਤਨੀ ਮੋਹਨ ਲਾਲ, ਰਾਜਨ ਪੁੱਤਰ ਮੋਹਨ ਲਾਲ ਵਾਸੀਆਨ ਹਾਥੀ ਗੇਟ ਤੇ ਹੀਰਾ ਉਮਰਪੁਰਾ ਵਜੋਂ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਐੱਸ.ਪੀ. ਤੇਜਬੀਰ ਸਿੰਘ ਹੁੰਦਲ, ਐੱਸ.ਪੀ. ਜਗਵਿੰਦਰ ਸਿੰਘ ਸੰਧੂ, ਡੀ.ਐੱਸ.ਪੀ. ਪਰਵਿੰਦਰ ਕੌਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


Gurminder Singh

Content Editor

Related News