ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 4 ਕਾਬੂ, ਦੋ ਫਰਾਰ

Wednesday, May 11, 2022 - 05:20 PM (IST)

ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 4 ਕਾਬੂ, ਦੋ ਫਰਾਰ

ਮੋਗਾ (ਅਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੋਗਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਦੋ ਪੁਲਸ ਦੇ ਕਾਬੂ ਨਹੀਂ ਆ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਮੇਜਰ ਸਿੰਘ ਪੁਲਸ ਪਾਰਟੀ ਸਮੇਤ ਦਿੱਲੀ ਕਾਲੋਨੀ ਮੋਗਾ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਸਕੂਟਰੀ ਸਵਾਰ ਵਿਕਾਸ ਉਰਫ ਅਕਬਰ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਰੋਕਿਆ ਅਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਇੰਦਰਜੀਤ ਸਿੰਘ ਉਰਫ ਗੋਲਡੀ ਨਿਵਾਸੀ ਧਰਮਕੋਟ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਗਸਤ ਦੌਰਾਨ ਨੇਚਰ ਪਾਰਕ ਮੋਗਾ ਦੇ ਕੋਲ ਸ਼ੱਕ ਦੇ ਆਧਾਰ ’ਤੇ ਹਰਜੀਤ ਸਿੰਘ ਉਰਫ ਗੋਪਾ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਦੋਸ਼ੀਆਂ ਖਿਲਾਫ਼ ਐੱਨ. ਡੀ. ਪੀ. ਐੱਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਬਿੱਟੂ ਸਿੰਘ ਅਤੇ ਵੀਰਪਾਲ ਸਿੰਘ ਨਿਵਾਸੀ ਪਿੰਡ ਛੋਟਾ ਘਰ ਨੂੰ ਕਾਬੂ ਕਰ ਕੇ 55 ਲਿਟਰ ਲਾਹਣ ਬਰਾਮਦ ਕੀਤੀ। ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਜਸਵੀਰ ਸਿੰਘ ਅਤੇ ਸੁਖਦੇਵ ਸਿੰਘ ਨਿਵਾਸੀ ਪਿੰਡ ਬੁੱਧ ਸਿੰਘ ਵਾਲਾ ਨਾਜਾਇਜ਼ ਸ਼ਰਾਬ ਕੱਢਣ ਦੇ ਆਦੀ ਹਨ ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਹੋ ਸਕਦੀ ਹੈ, ਜਿਸ ’ਤੇ ਪੁਲਸ ਪਾਰਟੀ ਨੇ ਛਾਪਾਮਾਰੀ ਕਰਕੇ 90 ਲਿਟਰ ਲਾਹਣ ਬਰਾਮਦ ਕੀਤੀ। ਕਥਿਤ ਦੋਸ਼ੀ ਪੁਲਸ ਦੇ ਕਾਬੂ ਨਹੀਂ ਆ ਸਕੇ। ਕਥਿਤ ਦੋਸ਼ੀਆਂ ਦੇ ਖਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।


author

Gurminder Singh

Content Editor

Related News