ਪੁਲਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Friday, Sep 22, 2023 - 04:00 PM (IST)

ਪੁਲਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

ਬਠਿੰਡਾ (ਵਰਮਾ) : ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਹੋਰ ਗੈਂਗਸਟਰਾਂ ਨਾਲ ਜੁੜੇ ਸ਼ੱਕੀ ਲੋਕਾਂ ’ਤੇ ਪੁਲਸ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਤਹਿਤ ਬਠਿੰਡਾ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਪੁਲਸ ਨੇ ਜ਼ਿਲ੍ਹੇ ਭਰ ਦੇ 81 ਘਰਾਂ ’ਚ ਛਾਪੇਮਾਰੀ ਕੀਤੀ । ਪੁਲਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ’ਚ 350 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਸ਼ਾਮਲ ਸਨ। ਇਨ੍ਹਾਂ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਉਕਤ ਵਿਅਕਤੀਆਂ ਦੇ ਘਰਾਂ ’ਤੇ ਛਾਪੇਮਾਰੀ ਵੀ ਕੀਤੀ ਗਈ, ਜੋ ਪਿਛਲੇ ਸਮੇਂ ਦੌਰਾਨ ਕੁਝ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਸ ਅਜਿਹੇ ਸ਼ੱਕੀ ਲੋਕਾਂ ’ਤੇ ਲਗਾਤਾਰ ਨਜ਼ਰ ਰੱਖਦੀ ਹੈ ਜੋ ਪਹਿਲਾਂ ਹੀ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹੁਣ ਵੀ ਅਜਿਹੇ ਲੋਕਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਤਾਂ ਸ਼ਹਿਰ ਜਾਂ ਦੇਸ਼ ਛੱਡ ਕੇ ਚਲੇ ਜਾਂਦੇ ਹਨ, ਜਿਸ ਕਾਰਨ ਪੁਲਸ ਨੂੰ ਉਨ੍ਹਾਂ ’ਤੇ ਲਗਾਤਾਰ ਨਜ਼ਰ ਰੱਖਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਲਗਾਤਾਰ ਅਜਿਹੀਆਂ ਮੁਹਿੰਮਾਂ ਚਲਾਉਂਦੀ ਹੈ ਤਾਂ ਜੋ ਅਪਰਾਧੀ ਪੁਲਸ ਪ੍ਰਸ਼ਾਸਨ ਤੋਂ ਡਰਦੇ ਰਹਿਣ ਅਤੇ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰਹਿਣ।


author

Gurminder Singh

Content Editor

Related News