ਜ਼ਿਲ੍ਹਾ ਫਿਰੋਜ਼ਪੁਰ ਵਿਚ ਪੁਲਸ ਨੇ 4 ਕਥਿਤ ਨਸ਼ਾ ਤਸਕਰਾਂ ਨੂੰ 89 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
Saturday, Nov 05, 2022 - 04:51 PM (IST)
ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਖੇਤਰਾਂ ਵਿਚ 4 ਕਥਿਤ ਨਸ਼ਾ ਤਸਕਰਾਂ ਨੂੰ 89 ਗ੍ਰਾਂਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਜਦੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪੁੱਡਾ ਗਰਾਊਂਡ ਨੇੜੇ ਪੁੱਜੀ ਤਾਂ ਉਨ੍ਹਾਂ ਨੇ 2 ਸ਼ੱਕੀ ਨੌਜਵਾਨ ਨੂੰ ਆਉਂਦੇ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਵੱਲ ਭੱਜਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਨਾਮ ਵਿਨੈ ਉਰਫ ਪਾਂਡਿਆ ਅਤੇ ਲਖਵਿੰਦਰ ਉਰਫ ਅਜੇ ਵਾਸੀ ਫਿਰੋਜ਼ਪੁਰ ਸ਼ਹਿਰ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਵਿਨੈ ਤੋਂ 15 ਗ੍ਰਾਮ ਅਤੇ ਲਖਵਿੰਦਰ ਕੋਲੋਂ 16 ਗ੍ਰਾਮ ਹੈਰੋਇਨ (ਕੁੱਲ 31 ਗ੍ਰਾਮ) ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਸਬ ਇੰਸਪੈਕਟਰ ਜਗਰਾਜ ਸਿੰਘ ਅਤੇ ਏ.ਐਸ.ਆਈ ਰਣਧੀਰ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਪਿੰਡ ਬਹਿਕ ਦੇ ਬਿਜਲੀ ਗਰਿੱਡ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਕ੍ਰਿਸ਼ਨ ਕੁਮਾਰ ਉਰਫ਼ ਗੋਰਾ ਨਾਮਕ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸੀ ਤਾਂ ਪੁਲਸ ਨੇ ਤੁਰੰਤ ਰੇਡ ਕਰਕੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਵਿੰਦਰਪਾਲ ਸਿੰਘ ਦੀ ਅਗਵਾਈ ’ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਪੁਸ਼ਪਿੰਦਰ ਪੁੱਤਰ ਸਾਦਕ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਸਾਢੇ 44 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।