ਮੋਗਾ ਪੁਲਸ ਵੱਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਕਾਬੂ

Thursday, May 16, 2024 - 05:45 PM (IST)

ਮੋਗਾ ਪੁਲਸ ਵੱਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਕਾਬੂ

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਵ੍ਹੀਕਲ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਜਸਵੀਰ ਸਿੰਘ ਦੇ ਨਿਰਦੇਸ਼ਾਂ ’ਤੇ ਜਦੋਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਦਾਣਾ ਮੰਡੀ ਮੋਗਾ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਅਸ਼ੋਕ ਕੁਮਾਰ ਉਰਫ ਕਾਟੋ ਨਿਵਾਸੀ ਕਬੀਰ ਨਗਰ ਮੋਗਾ ਅਤੇ ਰਵਿੰਦਰਪਾਲ ਸਿੰਘ ਉਰਫ ਰੋਕੀ ਨਿਵਾਸੀ ਗੋਧੇਵਾਲਾ ਮੋਗਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਬਿਨਾਂ ਨੰਬਰੀ ਹੀਰੋ ਸਪਲੈਂਡਰ ਮੋਟਰ ਸਾਈਕਲ ਬਰਾਮਦ ਕੀਤਾ, ਜਿਨ੍ਹਾਂ ਦੀ ਨਿਸ਼ਾਨਦੇਹੀ ’ਤੇ 4 ਮੋਟਰ ਸਾਈਕਲ ਚੋਰੀ ਦੇ ਹੋਰ ਬਰਾਮਦ ਕੀਤੇ ਗਏ। 

ਦੋਵਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਪੁੱਛਗਿੱਛ ਦੇ ਬਾਅਦ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਚੋਰੀ ਦੇ ਮੋਟਰ ਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ।


author

Gurminder Singh

Content Editor

Related News