US ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਮਾਮਲੇ 'ਚ ਪੁਲਸ ਨੇ ਕਰ'ਤੀ ਵੱਡੀ ਕਾਰਵਾਈ, ਹੁਣ ਨਹੀਂ ਬਚਣਗੇ ਠੱਗ ਏਜੰਟ

Monday, Feb 10, 2025 - 08:35 PM (IST)

US ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਮਾਮਲੇ 'ਚ ਪੁਲਸ ਨੇ ਕਰ'ਤੀ ਵੱਡੀ ਕਾਰਵਾਈ, ਹੁਣ ਨਹੀਂ ਬਚਣਗੇ ਠੱਗ ਏਜੰਟ

ਚੰਡੀਗੜ੍ਹ : ਸੂਬੇ ਦੇ ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ, ਜਿਨ੍ਹਾਂ ਨੂੰ ਸੰਯੁਕਤ ਰਾਜ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਪਹੁੰਚੇ ਸਨ। ਪੰਜਾਬ ਪੁਲਸ ਵੱਲੋਂ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਬਿਆਨ ਦਰਜ ਕੀਤੇ ਗਏ ਹਨ ਜਿਨ੍ਹਾਂ ਨੇ ਉਨ੍ਹਾਂ ਨਾਲ ਅਮਰੀਕਾ ਵਿੱਚ ਗੈਰ-ਕਾਨੂੰਨੀ ਦਾਖ਼ਲੇ ਦੇ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ।

ਇਸ ਸਬੰਧੀ ਪੀੜਤਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਡਿਪੋਰਟ ਕੀਤੇ ਗਏ ਵਿਅਤੀਆਂ ਦੇ ਬਿਆਨਾਂ ਦੇ ਆਧਾਰ 'ਤੇ ਟ੍ਰੈਵਲ ਏਜੰਟਾਂ ਵਿਰੁੱਧ ਕੁੱਲ 8 ਐੱਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਐੱਫ.ਆਈ.ਆਰਜ਼ ਜ਼ਿਲ੍ਹਾ ਪੁਲਸ ਕੋਲ ਅਤੇ 6 ਐੱਫ.ਆਈ.ਆਰਜ਼ ਪੰਜਾਬ ਪੁਲਸ ਦੇ ਐੱਨ.ਆਰ.ਆਈ. ਮਾਮਲੇ ਵਿੰਗ ਕੋਲ ਦਰਜ ਕੀਤੀਆਂ ਗਈਆਂ ਹਨ। 

ਏ.ਡੀ.ਜੀ.ਪੀ. ਐੱਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਇਸ ਐੱਸ.ਆਈ.ਟੀ. ਵਿੱਚ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਸ਼ਿਵੇ ਕੁਮਾਰ ਵਰਮਾ, ਆਈ.ਜੀ.ਪੀ. ਪ੍ਰੋਵੀਜ਼ਨਿੰਗ ਡਾ. ਐੱਸ ਬੂਪਤੀ ਅਤੇ ਡੀ.ਆਈ.ਜੀ. ਬਾਰਡਰ ਰੇਂਜ ਰੇਂਜ ਸਤਿੰਦਰ ਸਿੰਘ ਸ਼ਾਮਲ ਹਨ। ਇਹ ਐੱਸ.ਆਈ.ਟੀ. ਜਾਂਚ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੀ ਕਾਰਵਾਈ ਤੱਥਾਂ ਦੀ ਸੁਚੱਜੀ ਜਾਂਚ ਕਰ ਕੇ ਅਤੇ ਪ੍ਰਭਾਵੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। 

ਇਹ ਵੀ ਪੜ੍ਹੋ- ਸੜਕਾਂ 'ਤੇ ਵਧੇਗੀ ਸੁਰੱਖਿਆ ; ਪੰਜਾਬ ਪੁਲਸ ਨੇ Save Life India ਫਾਊਂਡੇਸ਼ਨ ਨਾਲ ਕੀਤਾ ਸਮਝੌਤਾ

ਸੀਨੀਅਰ ਪੁਲਸ ਅਧਿਕਾਰੀਆਂ ਨੇ ਵਤਨ ਵਾਪਸ ਪਰਤਣ ਵਾਲਿਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰ ਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਨਿਆਂ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਦੇ ਪੁਲਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਐਸ.ਆਈ.ਟੀ. ਨਾਲ ਤਾਲਮੇਲ ਕਰ ਕੇ ਅਣਥੱਕ ਮਿਹਨਤ ਕਰ ਰਹੇ ਹਨ ਤਾਂ ਜੋ ਇਨਾਂ ਧੋਖੇਬਾਜ਼ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕ ਦੀ ਲੜੀ ਵਿਰੁੱਧ ਕਾਰਵਾਈ ਕਰਨ ਅਤੇ ਟ੍ਰੈਵਲ ਏਜੰਟਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਦੀ ਨੌਜਵਾਨੀ ਦੇ ਸ਼ੋਸ਼ਣ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਇਆ। ਉਨਾਂ ਕਿਹਾ ਕਿ ਐੱਸ.ਆਈ.ਟੀ. ਗੈਰ-ਕਾਨੂੰਨੀ ਮਨੁੱਖੀ ਤਸਕਰੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਜਵਾਬਦੇਹੀ ਤੈਅ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੰਜਾਬ ਪੁਲਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਗੈਰ-ਕਾਨੂੰਨੀ ਢੰਗ ਨਾਲ ਇਮੀਗ੍ਰੇਸ਼ਨ ਜਾਂ ਅਜਿਹੀ ਕੋਈ ਹੋਰ ਧੋਖਾਧੜੀ ਦੀ ਸੂਚਨਾ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਕੀਤੀ। ਪੰਜਾਬ ਪੁਲਸ ਆਪਣੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ’ਤੇ ਨਕੇਲ ਕੱਸਣ ਵਾਲੇ ਆਪਣੇ ਮਿਸ਼ਨ ਵਿੱਚ ਸੁਹਿਰਦਤਾ ਨਾਲ ਡੱਟੀ ਹੋਈ ਹੈ।

ਇਹ ਵੀ ਪੜ੍ਹੋ- ਸਹੁਰੇ ਘਰੋਂ ਪ੍ਰੇਸ਼ਾਨ ਹੋ ਕੇ ਆਇਆ ਨੌਜਵਾਨ, ਪਹਿਲਾਂ ਬਣਾਈ ਵੀਡੀਓ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News