ਲੁੱਟਮਾਰ ਦੀ ਯੋਜਨਾ ਬਣਾ ਰਹੇ ਦੋ ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Thursday, Jan 22, 2026 - 04:12 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ ਲੁੱਟਮਾਰ ਦੀ ਯੋਜਨਾ ਬਣਾ ਰਹੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਦੋ ਪਿਸਤੌਲਾਂ, ਦੋ ਮੈਗਜ਼ੀਨ ਅਤੇ 6 ਕਾਰਤੂਸ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਕਾਹਨੂੰਵਾਨ ਪੁਲਸ ਸਟੇਸ਼ਨ ਦੀ ਇੱਕ ਪੁਲਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਅਤੇ ਇਸ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਫੜ੍ਹ ਕੇ ਪੁੱਛਗਿੱਛ ਕੀਤੀ ਗਈ। ਦੋਸ਼ੀ ਨੇ ਆਪਣੀ ਪਛਾਣ ਸਾਹਿਲ ਉਰਫ਼ ਭਾਨੂ, ਵਾਸੀ ਕਾਹਨੂਵਾਨ ਵਜੋਂ ਦੱਸੀ। ਉਸ ਦੀ ਤਲਾਸ਼ੀ ਲੈਣ ’ਤੇ ਇੱਕ 32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਹੋਏ।
ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਦੋਸ਼ੀ ਸਾਹਿਲ ਨੇ ਮੰਨਿਆ ਕਿ ਉਸ ਨੇ ਪਿਸਤੌਲ ਅਤੇ ਹੋਰ ਸਮਾਨ ਅਜੇ ਕੁਮਾਰ ਪੁੱਤਰ ਤਰਸੇਮ ਮਸੀਹ ਵਾਸੀ ਕਾਹਨੂੰਵਾਨ ਤੋਂ ਪ੍ਰਾਪਤ ਕੀਤਾ ਸੀ। ਇਸ ਤੋਂ ਬਾਅਦ ਦੋਸ਼ੀ ਅਜੈ ਕੁਮਾਰ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਗਈ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ।
ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਕਿਸੇ ਵੀ ਪੁਲਸ ਸਟੇਸ਼ਨ ਵਿੱਚ ਪਹਿਲਾਂ ਕੋਈ ਕੇਸ ਦਰਜ ਨਹੀਂ ਸੀ। ਹਾਲਾਂਕਿ ਉਹ ਹੁਣ ਲੁੱਟਮਾਰ ਦੀ ਯੋਜਨਾ ਬਣਾ ਰਹੇ ਸਨ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਪੁਲਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਅਤੇ ਪੂਰੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ’ਤੇ ਐੱਸ. ਪੀ. ਡਿਟੈਕਟਿਵ ਡੀ. ਕੇ. ਚੌਧਰੀ, ਸੀ. ਆਈ. ਏ. ਸਟਾਫ਼ ਇੰਚਾਰਜ ਗੁਰਮੀਤ ਸਿੰਘ ਅਤੇ ਹੋਰ ਪੁਲਸ ਕਰਮਚਾਰੀ ਮੌਜੂਦ ਸਨ।
