ਪੁਲਸ ਨੇ ਹਸਪਤਾਲ ਦੇ ਬਾਹਰੋਂ ਗ੍ਰਿਫਤਾਰ ਕਰ ਖੇੜੀ ਵਾਲੇ ਬਾਬੇ ਨੂੰ ਅਦਾਲਤ 'ਚ ਕੀਤਾ ਪੇਸ਼
Friday, Aug 16, 2024 - 10:33 PM (IST)
ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ) : ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਦੇ ਬਾਹਰੋਂ ਗ੍ਰਿਫਤਾਰ ਕੀਤੇ ਗਏ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਨੂੰ ਫਤਿਹਗੜ੍ਹ ਸਾਹਿਬ ਪੁਲਸ ਨੇ ਸ਼ੁੱਕਰਵਾਰ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕੀਤਾ। ਜਿਸ ਤੋਂ ਪਹਿਲਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਉਸ ਦਾ ਮੈਡੀਕਲ ਕਰਵਾਇਆ ਗਿਆ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਗੁਰਵਿੰਦਰ ਸਿੰਘ ਨੇ ਆਪਣੇ 'ਤੇ ਸਹੁਰੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਅਦਾਲਤ ਵਿੱਚ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਦਾ 5 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਜਦੋਂ ਕਿ ਦੂਜੇ ਪਾਸੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਦੇ ਵਕੀਲ ਘੁੰਮਨ ਬਰਦਰਸ ਨੇ ਮਾਨਯੋਗ ਅਦਾਲਤ ਵਿੱਚ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦਿਆਂ ਗੁਰਵਿੰਦਰ ਸਿੰਘ ਲਈ ਮੌਜੂਦਾ ਸਥਿਤੀ ਦੌਰਾਨ ਢੁਕਵੇ ਇਲਾਜ ਦੀ ਮੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਜੀ.ਐਸ. ਘੁੰਮਣ ਨੇ ਦੱਸਿਆ ਕਿ ਆਪਣੇ ਸੋਹਰੇ ਪਰਿਵਾਰ ਨਾਲ ਹੋਏ ਝਗੜੇ ਦੌਰਾਨ ਗੁਰਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਵੱਜੀਆਂ ਸਨ ਜਿਸ ਨੂੰ ਦੇਖਦੇ ਹੋਏ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਵੱਲੋਂ ਗੁਰਵਿੰਦਰ ਸਿੰਘ ਨੂੰ ਚੰਡੀਗੜ੍ਹ 32 ਸੈਕਟਰ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ। ਉਨ੍ਹਾਂ ਪੁਲਸ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਸ ਵੱਲੋਂ ਗੁਰਵਿੰਦਰ ਸਿੰਘ ਨੂੰ ਇਲਾਜ ਦੌਰਾਨ ਹੀ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ ਜਦੋਂ ਕਿ ਇਨਸਾਨੀਅਤ ਤੌਰ 'ਤੇ ਅਤੇ ਮਨੁੱਖੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਵਿੰਦਰ ਸਿੰਘ ਨੂੰ ਇਲਾਜ ਮੁਹੱਈਆ ਕਰਵਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਸੀ ਅਤੇ ਅਦਾਲਤ ਨੇ ਹੁਣ ਗੁਰਵਿੰਦਰ ਸਿੰਘ ਦਾ ਰਿਮਾਂਡ ਦੇਣ ਦੀ ਬਜਾਏ ਪੁਲਸ ਨੂੰ ਪਹਿਲ ਦੇ ਅਧਾਰ 'ਤੇ ਸਿਹਤ ਸਹੂਲਤਾਂ ਦੇਣ ਦਾ ਆਦੇਸ਼ ਦਿੱਤਾ ਹੈ।
ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਡੀ.ਐਸ.ਪੀ. ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਇਕੱਤਰ ਕਰਨ ਲਈ ਗੁਰਵਿੰਦਰ ਸਿੰਘ ਦਾ ਰਿਮਾਂਡ ਮੰਗਿਆ ਗਿਆ ਸੀ ਜਿਸ 'ਤੇ ਮਾਨਯੋਗ ਅਦਾਲਤ ਵੱਲੋਂ ਫੈਸਲਾ ਲੈਂਦਿਆਂ ਗੁਰਵਿੰਦਰ ਸਿੰਘ ਨੂੰ ਸਿਹਤ ਸਹੂਲਤਾਂ ਦੇਣ ਉਪਰੰਤ ਪੁਲਸ ਨਿਗਰਾਨੀ ਹੇਠ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।