ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ: ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਣੇ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਕਾਬੂ
Friday, Oct 28, 2022 - 07:56 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ 'ਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ CM ਮਾਨ 'ਤੇ ਕੀਤਾ ਤਿੱਖਾ ਹਮਲਾ, ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕਹੀ ਇਹ ਗੱਲ
ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ), ਕਾਊਂਟਰ ਇੰਟੈਲੀਜੈਂਸ (ਸੀ.ਆਈ) ਪੰਜਾਬ, ਜ਼ਿਲ੍ਹਾ ਪੁਲਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਸ ਐੱਸ.ਏ.ਐੱਸ ਨਗਰ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਉਹਨਾਂ ਅੱਗੇ ਦੱਸਿਆ ਕਿ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ; 9 ਐੱਮ.ਐੱਮ ਪਿਸਤੌਲ ਸਮੇਤ ਇੱਕ ਮੈਗਜ਼ੀਨ; ਤੁਰਕੀ ਦੀ ਬਣੀ 9 ਐੱਮ.ਐੱਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜ਼ਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨੂੰ ਮਿਲੇ MP ਔਜਲਾ, ਕੇਜਰੀਵਾਲ 'ਤੇ ਕੱਸੇ ਤੰਜ
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ 'ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ।
ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਨੰਬਰ 441 ਮਿਤੀ 28-10-2022 ਦਰਜ ਹੈ।