ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਸਿਸਵਾਂ ਫਾਰਮ ਹਾਊਸ, ਪੁਲਸ ਨੇ ਜ਼ਬਰੀ ਕੀਤਾ ਗ੍ਰਿਫ਼ਤਾਰ (ਤਸਵੀਰਾਂ)

Monday, Jun 28, 2021 - 05:22 PM (IST)

ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਸਿਸਵਾਂ ਫਾਰਮ ਹਾਊਸ, ਪੁਲਸ ਨੇ ਜ਼ਬਰੀ ਕੀਤਾ ਗ੍ਰਿਫ਼ਤਾਰ (ਤਸਵੀਰਾਂ)

ਚੰਡੀਗੜ੍ਹ/ਮੋਹਾਲੀ (ਰਮਨਜੀਤ) : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਅੱਜ ਚੁੱਪ-ਚੁਪੀਤੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਸਿਸਵਾਂ ਫ਼ਾਰਮ ਹਾਊਸ ਕੋਲ ਪਹੁੰਚ ਗਏ, ਜਿੱਥੇ ਅੱਜ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਸ਼ਾਸਨ ਤੋਂ ਬਿਨਾਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਉੱਥੇ ਬੇਰੁਜ਼ਗਾਰ ਅਧਿਆਪਕਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚ ਕੇ ਪ੍ਰਸ਼ਾਸਨ ਨੂੰ ਭਾਜੜਾਂ ਪੁਆ ਦਿੱਤੀਆਂ।

PunjabKesari

ਜਦੋਂ ਬੇਰੁਜ਼ਗਾਰ ਅਧਿਆਪਕ ਸ਼ਾਂਤਮਈ ਤਰੀਕੇ ਨਾਲ ਸਿਸਵਾਂ ਫ਼ਾਰਮ ਹਾਊਸ ਦੇ ਬਾਹਰ ਬੈਠੇ ਸਨ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਬਲ ਬੁਲਾਇਆ ਗਿਆ ਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪੁਲਸ ਪ੍ਰਸ਼ਾਸਨ ਵੱਲੋਂ ਜ਼ਬਰੀ ਖਿੱਚ-ਧੂਹ ਕਰਦੇ ਹੋਏ 100 ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਮੰਗਲ ਮਾਨਸਾ ਤੇ ਮਨੋਜ ਫਿਰੋਜ਼ਪੁਰ ਬੇਹੋਸ਼ ਤੱਕ ਹੋ ਗਏ।

PunjabKesari

ਬੇਰੁਜ਼ਗਾਰ ਅਧਿਆਪਕਾਵਾਂ ਨੂੰ ਪੁਰਸ਼ ਪੁਲਸ ਮੁਲਾਜ਼ਮਾਂ ਵੱਲੋਂ ਜ਼ਬਰੀ ਘੜੀਸਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਲਾਂਪੁਰ ਤੇ ਘੜੂੰਆਂ ਥਾਣੇ ਲਿਜਾਇਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ ਸ਼ਲਿੰਦਰ ਕੰਬੋਜ, ਬਲਵਿੰਦਰ ਕਾਕਾ ਤੇ ਰਵਿੰਦਰ ਅਬੋਹਰ ਨੇ ਕਿਹਾ ਕਿ 100 ਦਿਨਾਂ ਤੋਂ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿਖੇ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਡਟਿਆ ਹੋਇਆ ਹੈ ਤੇ ਅੱਜ ਉਸ ਦਾ ਮਰਨ ਵਰਤ ਨੌਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਸੁਰਿੰਦਰਪਾਲ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ।

PunjabKesari

ਸੁਰਿੰਦਰਪਾਲ ਗੁਰਦਾਸਪੁਰ ਦਾ ਸ਼ੂਗਰ ਪੱਧਰ 40 ਤੋਂ ਵੀ ਹੇਠਾਂ ਆ ਚੁੱਕਿਆ ਹੈ, ਉਸਦੇ ਨਾਲ ਕਿਸੇ ਵੀ ਪਲ ਕੋਈ ਵੀ ਦੁਰਘਟਨਾ ਵਾਪਰਨ ਵਾਪਰ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਟਾਵਰ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ 'ਤੇ ਲਗਾਤਾਰ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।  

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ 
10000 ਈ. ਟੀ. ਟੀ. ਅਧਿਆਪਕਾਂ ਦੀਆਂ ਆਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ । 

2364 ਈ. ਟੀ. ਟੀ. ਦੀਆਂ ਆਸਾਮੀਆਂ ਵਿੱਚ ਸਿਰਫ਼ ਈ. ਟੀ. ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ।

ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।

ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।


author

Babita

Content Editor

Related News