ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ''ਚ ਕਮਿਸ਼ਨਰ ਵੱਲੋਂ ਪਾਬੰਦੀਆਂ ਸਬੰਧੀ ਹੁਕਮ ਜਾਰੀ

06/11/2021 3:50:16 PM

ਲੁਧਿਆਣਾ : ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ, ਜਲੂਸ, ਰੈਲੀਆਂ ਆਦਿ 'ਤੇ ਪੂਰਨ ਤੌਰ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਰੈਲੀਆਂ, ਧਰਨਿਆਂ, ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕੱਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮਨਜ਼ੂਰੀ ਧਰਨੇ, ਜਲੂਸ, ਰੈਲੀਆਂ ਆਦਿ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਪੁਲਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ। ਅਗਰਵਾਲ ਵੱਲੋਂ ਸੀ. ਆਰ. ਪੀ. ਸੀ. 1973 ਦੀ ਧਾਰਾ-144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਹੁਕਮਾਂ ਵਿੱਚ ਵੱਖ-ਵੱਖ ਸਥਾਨਾਂ 'ਤੇ ਬ੍ਰਾਂਚਾਂ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇਅ-ਨਾਈਟ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਡੀ. ਵੀ. ਆਰ/ਐਨ. ਵੀ. ਟੀ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ ਸਹੂਲਤਾਂ ਹੋਣ।

ਇਸ ਤੋਂ ਇਲਾਵਾ ਉਨ੍ਹਾਂ ਮੁੱਖ ਦੜ਼ਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ 'ਤੇ ਅਲਾਰਮ ਲਗਾਉਣ ਲਈ ਵੀ ਕਿਹਾ, ਜਿੱਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਸ ਕਮਿਸ਼ਨਰ ਦੇ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) 'ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਿਤ ਐਸ. ਐਚ. ਓ, ਏ. ਸੀ. ਪੀ, ਏ. ਡੀ. ਸੀ. ਪੀ. ਜੁਆਇੰਟ ਸੀ. ਪੀ. ਅਤੇ ਸੀ. ਪੀ. ਨੂੰ ਭੇਜੇ ਜਾ ਸਕਣ।


Babita

Content Editor

Related News