ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਹਾਈਕੋਰਟ ਤੋਂ ਮੰਗਣੀ ਪਈ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ

Friday, Dec 08, 2023 - 09:53 AM (IST)

ਚੰਡੀਗੜ੍ਹ (ਹਾਂਡਾ) : ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਜਾਂਚ ਅਧਿਕਾਰੀ ਦੀ ਅਣਗਹਿਲੀ ਕਾਰਨ ਹਾਈਕੋਰਟ 'ਚ ਹਲਫ਼ਨਾਮਾ ਦਾਇਰ ਕਰਕੇ ਮੁਆਫ਼ੀ ਮੰਗਣੀ ਪਈ ਅਤੇ ਦੱਸਿਆ ਗਿਆ ਕਿ ਲਾਪਰਵਾਹੀ ਦਿਖਾਉਣ ਵਾਲੇ 2 ਪੁਲਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਵਿਅਕਤੀ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਸੀ, ਇਸ ਦੇ ਬਾਵਜੂਦ ਉਸ ਵਿਅਕਤੀ ਨੂੰ ਅੰਮ੍ਰਿਤਸਰ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਤ ਵੇਲੇ ਵੱਡੀ ਵਾਰਦਾਤ, ਜਿੰਮ ਮਾਲਕ ਨੂੰ ਰਾਹ 'ਚ ਰੋਕ ਮਾਰੀਆਂ ਗੋਲੀਆਂ     

ਜਸਟਿਸ ਪੰਕਜ ਜੈਨ ਦੀ ਅਦਾਲਤ 'ਚ ਸੁਣਵਾਈ ਦੌਰਾਨ ਹਲਫ਼ਨਾਮਾ ਰਿਕਾਰਡ ਵਿਚ ਲਿਆ, ਜਿਸ ਵਿਚ ਪੁਲਸ ਕਮਿਸ਼ਨਰ ਨੇ ਕਿਹਾ ਕਿ ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ’ਤੇ ਰੋਕ ਲਗਾ ਦਿੱਤੀ ਸੀ, ਉਸ ਨੂੰ ਐੱਸ. ਐੱਚ. ਓ. ਦੇ ਧਿਆਨ 'ਚ ਨਹੀਂ ਲਿਆਂਦਾ ਗਿਆ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਜਾਂਚ ਅਧਿਕਾਰੀ ਨੇ ਉਨ੍ਹਾਂ ਹੁਕਮਾਂ ਦੀ ਵੀ ਜਾਂਚ ਨਹੀਂ ਕੀਤੀ, ਜਿਨ੍ਹਾਂ 'ਚ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ’ਤੇ ਰੋਕ ਲਗਾ ਦਿੱਤੀ ਸੀ। ਪੁਲਸ ਕਮਿਸ਼ਨਰ ਨੇ ਅਦਾਲਤ ਦੇ ਸਾਹਮਣੇ ਇਹ ਵੀ ਦੱਸਿਆ ਕਿ ਵਧੀਕ ਡਿਪਟੀ ਪੁਲਸ ਕਮਿਸ਼ਨਰ ਆਫ਼ ਪੁਲਸ, (ਸਿਟੀ-3, ਅੰਮ੍ਰਿਤਸਰ) ਵਲੋਂ ਕੀਤੀ ਗਈ ਸਿਫਾਰਿਸ਼ ਅਨੁਸਾਰ ਇਸ ਕੋਤਾਹੀ ਲਈ ਦੋਵੇਂ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਨਿਯਮਿਤ ਵਿਭਾਗੀ ਨੋਟਿਸ ’ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ, ਇਹ FIR ਹੋਈ ਰੱਦ

ਉਸ ਖ਼ਿਲਾਫ਼ ਜਾਂਚ ਸੁਰੂ ਕਰ ਦਿੱਤੀ ਗਈ ਹੈ। ਹਾਈਕੋਰਟ ਅੰਮ੍ਰਿਤਸਰ ਦੀ ਹੇਠਲੀ ਅਦਾਲਤ ਵਲੋਂ ਜਾਰੀ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਮੁਲਜ਼ਮ (ਰਵਿੰਦਰ ਸਿੰਘ) ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਉਸ ਖ਼ਿਲਾਫ਼ 2017 ਦੀ ਐੱਫ਼. ਆਈ. ਆਰ. 'ਚ ਆਈ. ਪੀ. ਸੀ. ਦੀ ਧਾਰਾ 379-ਬੀ, 148, 149, 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ, ਹਾਲਾਂਕਿ ਬਾਅਦ ਵਿਚ ਉਸ ਨੂੰ ਇਸ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ।  

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News