ਸਰਹੱਦੀ ਇਲਾਕਿਆਂ ਦੀ ਸੁਰੱਖਿਆ ਲਈ ਪੁਲਸ ਵਚਨਬੱਧ : ਡੀਜੀਪੀ ਗੌਰਵ ਯਾਦਵ
Wednesday, Jul 24, 2024 - 10:57 PM (IST)
ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਪੁਲਸ ਦੇ ਮਹਾਨਿਰਦੇਸ਼ਕ (ਡੀ. ਜੀ. ਪੀ.) ਨੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਸ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਹੱਦਾਂ ’ਤੇ ਸਰਹੱਦੀ ਸੁਰੱਖਿਆ ਬਲ ਦੇ ਜਵਾਨ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਤਾਂ ਦੂਜੇ ਪਾਸੇ ਪੰਜਾਬ ਪੁਲਸ ਵੀ ਸਰਹੱਦਾਂ ਦੀ ਸੁਰੱਖਿਆ ’ਚ ਆਪਣੇ ਫਰਜ਼ ਤੋਂ ਪਿੱਛੇ ਨਹੀਂ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਦੇ ਰਾਜਪਾਲ ਦੇ ਨਾਲ ਪੰਜਾਬ ਦੀਆਂ ਸਰਹੱਦਾਂ ਦਾ ਦੌਰਾ ਕੀਤਾ ਸੀ। ਦੌਰੇ ਦੇ ਬਾਅਦ ਡੀ. ਜੀ. ਪੀ. ਨੇ ਕਿਹਾ ਕਿ ਭਾਰਤੀ ਸੁਰੱਖਿਆ ਮੁਲਾਜ਼ਮਾਂ ਦਾ ਹੌਸਲਾ ਬੜਾ ਉੱਚਾ ਹੈ ਅਤੇ ਉਹ ਸਰਹੱਦ ਪਾਰ ਦੇ ਕਿਸੇ ਵੀ ਖਤਰੇ ਦਾ ਮੁਕਾਬਲਾ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹਨ।
ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਦਾ ਮੁੱਖ ਮਕਸਦ ਜਵਾਨਾਂ ਦਾ ਹੌਸਲਾ ਵਧਾਉਣਾ ਹੈ, ਜੋ ਦਿਨ-ਰਾਤ ਭਾਰਤੀ ਸਰਹੱਦਾਂ ਦੀ ਸੁਰੱਖਿਆ ’ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ’ਚ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਤੋਂ ਸੁਰੱਖਿਆ, ਨਵੇਂ ਮੁੱਢਲੇ ਢਾਂਚੇ ਵਿਕਸਤ ਕਰਨ ਅਤੇ ਕਲਿਆਣਕਾਰੀ ਕਦਮਾਂ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਗਈ ਹੈ।
ਡੀ. ਜੀ. ਪੀ. ਨੇ ਕਿਹਾ ਕਿ ਸਰਹੱਦੀ ਇਲਾਕਿਆਂ ’ਚ ਸੰਭਾਵਿਤ ਵਿਕਾਸ ਕਾਰਜਾਂ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਇਸ ਬਾਰੇ ਵਿਸਥਾਰਤ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਦਿੱਤੀ ਜਾਵੇਗੀ ਤਾਂ ਕਿ ਸਰਹੱਦੀ ਇਲਾਕਿਆਂ ’ਚ ਸਰਕਾਰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਵੇ ਅਤੇ ਨਾਲ ਹੀ ਨਵਾਂ ਮੁੱਢਲਾ ਢਾਂਚਾ ਵਿਕਸਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ-ਸ਼ਾਂਤੀ ਨੂੰ ਕਿਸੇ ਵੀ ਹਾਲਤ ’ਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੰਜਾਬ ਪੁਲਸ ਇਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨ ’ਚ ਕਾਮਯਾਬੀ ਮਿਲੀ ਹੈ।
ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ’ਤੇ ਰੋਕ ਲਾਉਣ ਲਈ ਪ੍ਰਭਾਵੀ ਕਦਮ ਚੁੱਕੇ ਗਏ ਹਨ, ਜਿਸ ਨਾਲ ਸਰਹੱਦੀ ਇਲਾਕਿਆਂ ’ਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ’ਚ ਕਾਮਯਾਬੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਦੇ ਯਤਨ ਲਗਾਤਾਰ ਚੱਲਦੇ ਰਹਿੰਦੇ ਹਨ। ਇਸ ਦੇ ਬਾਵਜੂਦ ਸਰਹੱਦੀ ਸੁਰੱਖਿਆ ਬਲ ਅਤੇ ਪੰਜਾਬ ਪੁਲਸ ਨੇ ਆਪਸੀ ਤਾਲਮੇਲ ਨਾਲ ਨਸ਼ਿਆਂ ’ਤੇ ਸਰਹੱਦੀ ਇਲਾਕਿਆਂ ’ਚ ਰੋਕ ਲਾਉਣ ’ਚ ਕਾਮਯਾਬੀ ਹਾਸਲ ਕੀਤੀ ਹੈ।