ਪੁਲਸ ਨੇ ਚਲਾਇਆ ‘ਆਪ੍ਰੇਸ਼ਨ ਸੀਲ’, ਗੁਆਂਢੀ ਸੂਬਿਆਂ ’ਚੋਂ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਕੀਤੀ ਚੈਕਿੰਗ

Monday, Feb 20, 2023 - 03:08 AM (IST)

ਪੁਲਸ ਨੇ ਚਲਾਇਆ ‘ਆਪ੍ਰੇਸ਼ਨ ਸੀਲ’, ਗੁਆਂਢੀ ਸੂਬਿਆਂ ’ਚੋਂ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਵੱਲੋਂ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ‘ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ’ ਚਲਾਇਆ ਗਿਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ’ਚ ਲਿਆਂਦੀ ਗਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਮੁੜ ਬਦਲੇਗਾ ਮੌਸਮ, ਹੋਵੇਗੀ ਬੂੰਦਾ-ਬਾਂਦੀ ਤੇ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਵਾਲੇ 10 ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਇੰਸਪੈਕਟਰਜ਼/ਡੀ.ਐੱਸ.ਪੀਜ਼ ਦੀ ਨਿਗਰਾਨੀ ਹੇਠ 1600 ਪੁਲਸ ਕਰਮੀਆਂ ਦੇ ਅਮਲੇ ਵੱਲੋਂ ਪੂਰਨ ਤਾਲਮੇਲ ਨਾਲ ਚੌਕਸੀ ਭਰਪੂਰ ਤੇ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ’ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸ.ਏ.ਐੱਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੇ ਤਾਲਮੇਲ ਨਾਲ ਚਲਾਇਆ ਗਿਆ ਅਤੇ ਸਾਰੇ ਐੱਸ.ਐੱਸ.ਪੀਜ਼. ਨੂੰ ਤਾਕੀਦ ਕੀਤੀ ਗਈ ਸੀ ਕਿ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸੀਲਿੰਗ ਪੁਆਇੰਟਾਂ ‘ਤੇ ਗਜ਼ਟਿਡ ਅਫਸਰਾਂ /ਐੱਸ.ਐੱਚ.ਓ. ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਸ ਅਧਿਕਾਰੀਆਂ/ਕਰਮੀਆਂ ਨੂੰ ਜੁਟਾਇਆ ਜਾਵੇ ਅਤੇ ਮਜ਼ਬੂਤ ‘ਨਾਕੇ’ ਲਗਾਏ ਜਾਣ।

ਇਹ ਖ਼ਬਰ ਵੀ ਪੜ੍ਹੋ : PPCB ਦੀ ਵੱਡੀ ਕਾਰਵਾਈ, ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ’ਤੇ ਇਸ ਅਪਾਰਟਮੈਂਟ ਨੂੰ ਲਾਇਆ 5 ਲੱਖ ਦਾ ਜੁਰਮਾਨਾ
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼  ’ਤੇ ਰੋਕ ਲਾਉਣਾ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ।

PunjabKesari

ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ ਕਿ ਆਪ੍ਰੇਸ਼ਨ ਦੌਰਾਨ ਹਰੇਕ ਵਿਅਕਤੀ ਦੇ ਵਾਹਨ ਦੀ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਚੈਕਿੰਗ ਕੀਤੀ ਜਾਵੇ। ਏ.ਡੀ.ਜੀ.ਪੀ. ਨੇ ਦੱਸਿਆ ਕਿ ਸੂਬੇ ’ਚ ਦਾਖ਼ਲ ਹੋਣ ਵਾਲੇ 6378 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ’ਚੋਂ 366 ਦੇ ਚਲਾਨ ਕੀਤੇ ਗਏ ਅਤੇ 32 ਨੂੰ ਜ਼ਬਤ ਕੀਤਾ ਗਿਆ। ਪੁਲਸ ਨੇ 33 ਐੱਫ.ਆਈ.ਆਰਜ਼ ਦਰਜ ਕੀਤੀਆਂ ਅਤੇ ਤਿੰਨ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ 70 ਕਿਲੋ ਚੂਰਾ ਪੋਸਤ, 1 ਕਿਲੋ ਚਰਸ, 110 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਸੂਬੇ ’ਚ ਪੁਲਸ ਦੀ ਮੁਸਤੈਦ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ’ਚ ਪੁਲਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ’ਚ ਸਹਾਈ ਹੁੰਦੇ ਹਨ।


author

Manoj

Content Editor

Related News