ਤਿਉਹਾਰੀ ਸੀਜ਼ਨ ਦੌਰਾਨ ਐਕਸ਼ਨ 'ਚ ਪੁਲਸ, ਔਰਤਾਂ ਦੀ ਸੁਰੱਖਿਆ ਲਈ ਬਣਾਈ ਵਿਸ਼ੇਸ਼ ਰਣਨੀਤੀ

10/19/2023 10:09:47 AM

ਜਲੰਧਰ (ਸੁਧੀਰ) : ਜਲੰਧਰ ਸ਼ਹਿਰ ’ਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਫੈਸਟੀਵਲ ਸੀਜ਼ਨ ਦੇ ਨੇੜੇ ਆਉਂਦਿਆਂ ਹੀ ਸ਼ਹਿਰਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਦੇ ਸਭ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਸ਼ਹਿਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਨੇ ਦੱਸਿਆ ਕਿ ਫੈਸਟੀਵਲ ਸੀਜ਼ਨ ਕਾਰਨ ਸ਼ਹਿਰ ’ਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਬਾਜ਼ਾਰਾਂ, ਚੌਂਕਾਂ ਤੇ ਸੜਕਾਂ ’ਤੇ ਭਾਰੀ ਗਿਣਤੀ ’ਚ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਲੱਗਣ ਵਾਲੇ ਨਾਕਿਆਂ ’ਚ ਵੀ ਵਾਧਾ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਵੀ ਸੀਲ ਕਰ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਾਈਟ ਡੋਮੀਨੇਸ਼ਨ ਨੂੰ ਵੀ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ’ਚ ਰਾਤ ਨੂੰ ਖੁਦ ਫੀਲਡ ’ਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸੀ. ਪੀ. ਚਾਹਲ ਨੇ ਦੱਸਿਆ ਕਿ ਫੈਸਟੀਵਲ ਸੀਜ਼ਨ ਦੌਰਾਨ ਉਹ ਰਾਤ ਨੂੰ ਖੁਦ ਸਰਪ੍ਰਾਈਜ਼ ਚੈਕਿੰਗ ਲਈ ਫੀਲਡ ’ਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਜੇ ਡਿਊਟੀ ’ਚ ਕੋਈ ਲਾਪ੍ਰਵਾਹੀ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੈਸਟੀਵਲ ਸੀਜ਼ਨ ’ਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਜ਼ਾਰਾਂ ’ਚ ਸਿਵਲ ਕੱਪੜਿਆਂ ’ਚ ਮੁਲਾਜ਼ਮਾਂ ਤੋਂ ਇਲਾਵਾ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਵੀ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ’ਤੇ ਨਕੇਲ ਕੱਸਣ ਲਈ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੀ. ਸੀ. ਆਰ. ਮੁਲਾਜ਼ਮਾਂ ਨੂੰ ਵੀ ਫੈਸਟੀਵਲ ਸੀਜ਼ਨ ਕਾਰਨ ਐਕਟਿਵ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ. ਸੀ. ਆਰ. ਮੁਲਾਜ਼ਮਾਂ ਨੂੰ ਪੈਟ੍ਰੋਲਿੰਗ ਦੌਰਾਨ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੀ. ਸੀ. ਆਰ. ਮੁਲਾਜ਼ਮਾਂ ਨੂੰ ਆਪਣੇ ਵਾਕੀ-ਟਾਕੀ ਸੈੱਟ ਦੀਆਂ ਬੈਟਰੀਆਂ ਬਿਲਕੁਲ ਠੀਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਕਿ ਕੰਟਰੋਲ ਰੂਮ ਤੋਂ ਕਿਸੇ ਤਰ੍ਹਾਂ ਦਾ ਮੈਸੇਜ ਆਉਣ ’ਤੇ ਪੀ. ਸੀ. ਆਰ. ਮੁਲਾਜ਼ਮਾਂ ਨੂੰ ਮੈਸੇਜ ਸੁਣਨ ’ਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨੂੰ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਅਤੇ ਭੀੜ ਵਾਲੇ ਖੇਤਰਾਂ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸੀ. ਸੀ. ਟੀ. ਵੀ. ਕੈਮਰੇ ਦਾ ਨਾਈਟ ਵਿਜ਼ਨ ਤੇ ਉਨ੍ਹਾਂ ਦਾ ਡੀ. ਵੀ. ਆਰ. ਅਤੇ ਰਿਕਾਰਡਿੰਗ ਸਿਸਟਮ ਬਿਲਕੁਲ ਠੀਕ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਕਿ ਲੋੜ ਪੈਣ ’ਤੇ ਕਮਿਸ਼ਨਰੇਟ ਪੁਲਸ ਉਕਤ ਕੈਮਰਿਆਂ ਰਾਹੀਂ ਸ਼ੱਕੀ ਲੋਕਾਂ ’ਤੇ ਨਕੇਲ ਕੱਸ ਸਕੇ।

ਇਹ ਵੀ ਪੜ੍ਹੋ :  ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਵੱਡਾ ਦਾਅ ਖੇਡਣ ਲਈ ਮੈਦਾਨ 'ਚ ਉੱਤਰੀ 'ਆਪ'

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਸ ਦੇ ਮੁਲਾਜ਼ਮਾਂ ਦੀ ਵੀ ਡਿਊਟੀ ਲਾਈ ਜਾ ਰਹੀ ਹੈ। ਉਨ੍ਹਾਂ ਨੇ ਸਾਫ਼ ਕਿਹਾ ਕਿ ਸ਼ਹਿਰ ਦੀ ਪੀ. ਪੀ. ਆਰ. ਮਾਰਕੀਟ ਤੇ ਹੋਰ ਭੀੜ-ਭਾੜ ਵਾਲੇ ਖੇਤਰਾਂ ’ਚ ਪੁਲਸ ਦੀ ਵਿਸ਼ੇਸ਼ ਨਾਕਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਹਰ ਹਾਲ ’ਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇਗਾ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal