ਪੁਲਸ ਵੱਲੋਂ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ
Monday, Jul 21, 2025 - 05:04 PM (IST)

ਅਬੋਹਰ (ਸੁਨੀਲ) : ਸ਼ਹਿਰ ’ਚ ਪਿਛਲੇ ਕੁੱਝ ਦਿਨਾਂ ’ਚ ਵਧੀਆਂ ਗੁੰਡਾਗਰਦੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਸ ਕਪਤਾਨ ਦੇ ਹੁਕਮਾਂ ’ਤੇ ਪੁਲਸ ਉਪ ਕਪਤਾਨ ਦਿਹਾਤੀ ਤੇਜਿੰਦਰ ਪਾਲ ਸਿੰਘ ਨੇ ਅੱਜ ਮਹਾਰਾਜਾ ਅਗਰਸੇਨ ਚੌਂਕ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ। ਇਸ ਦੌਰਾਨ ਕਈ ਬਿਨਾਂ ਨੰਬਰ ਵਾਲੇ ਵਾਹਨਾਂ ਨੂੰ ਕਬਜ਼ੇ ’ਚ ਲਿਆ ਗਿਆ ਅਤੇ ਕਈਆਂ ਨੂੰ ਚਿਤਾਵਨੀ ਦੇਣ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਸ ਉਪ ਕਪਤਾਨ ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਪੁਲਸ ਨੂੰ ਦੱਸਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗੁੰਡਿਆਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ।
ਅੱਜ ਅਗਰਸੇਨ ਚੌਂਕ ’ਤੇ ਨਾਕਾਬੰਦੀ ਦੌਰਾਨ ਪੁਲਸ ਨੇ ਇਸ ਰਸਤੇ ਤੋਂ ਲੰਘਣ ਵਾਲੇ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੀ ਜਾਂਚ ਕੀਤੀ ਅਤੇ ਅੱਧੀ ਦਰਜਨ ਬਿਨਾਂ ਨੰਬਰ ਵਾਲੇ ਵਾਹਨਾਂ ਨੂੰ ਕਬਜ਼ੇ ’ਚ ਲਿਆ। ਇੰਨਾ ਹੀ ਨਹੀਂ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਦੇ ਡਰਾਈਵਰਾਂ ਨੂੰ ਵੀ ਸਖ਼ਤ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਲੈਕ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ।