ਥਾਣੇਦਾਰ ’ਤੇ ਹਮਲਾ ਕਰਨ ਵਾਲੇ ਮੁਲਜ਼ਮ 12 ਘੰਟਿਆਂ ''ਚ ਗ੍ਰਿਫਤਾਰ, ਹੋਇਆ ਵੱਡਾ ਖ਼ੁਲਾਸਾ
Friday, Jul 04, 2025 - 01:28 PM (IST)

ਬਠਿੰਡਾ (ਵਰਮਾ) : ਬਠਿੰਡਾ ’ਚ ਪੀ. ਸੀ. ਆਰ. ਥਾਣੇਦਾਰ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਸਿਰਫ 12 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਅਨੁਸਾਰ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਹਰਿਆਣਾ ਦੇ ਰਹਿਣ ਵਾਲੇ ਆਪਣੇ ਸਕੇ ਭਰਾ ਹਨ, ਜਿਨ੍ਹਾਂ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ, ਜਿਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਕੇ ਦੋਵਾਂ ਹਮਲਾਵਰਾਂ ਨੂੰ ਫੜ ਲਿਆ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਸਿਕੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਸਿਰਸਾ ਜ਼ਿਲੇ ਦੇ ਪਿੰਡ ਕਾਲਾਂਵਾਲੀ ਦੇ ਰਹਿਣ ਵਾਲੇ ਹਨ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਜਿਸ ਮੋਟਰਸਾਈਕਲ ’ਤੇ ਸਵਾਰ ਸਨ, ਉਹ ਚੋਰੀ ਦਾ ਸੀ ਅਤੇ ਦੋਵਾਂ ਵਿਰੁੱਧ ਸਿਰਸਾ ਵਿਚ ਚੋਰੀ ਅਤੇ ਚੇਨ ਸਨੈਚਿੰਗ ਵਰਗੇ ਗੰਭੀਰ ਮਾਮਲਿਆਂ ਤਹਿਤ ਐੱਫ. ਆਈ. ਆਰ. ਪਹਿਲਾਂ ਹੀ ਦਰਜ ਹਨ। ਇਸ ਘਟਨਾ ’ਚ ਵਰਤਿਆ ਗਿਆ ਹਥਿਆਰ ਵੀ ਪੁਲਸ ਨੇ ਬਰਾਮਦ ਕਰ ਲਿਆ ਹੈ। ਇਹ ਘਟਨਾ ਮੰਗਲਵਾਰ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਪੀ. ਸੀ. ਆਰ.-12 ਵਿਖੇ ਤਾਇਨਾਤ ਥਾਣੇਦਾਰ ਨਰਿੰਦਰ ਸਿੰਘ ਆਪਣੀ ਟੀਮ ਨਾਲ ਗੁਰੂਕੁਲ ਰੋਡ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਹ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼ੱਕੀ ਵਾਹਨਾਂ ਦੀ ਜਾਂਚ ਕਰ ਰਹੇ ਸਨ ਤਾਂ ਦੋ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ’ਤੇ ਆਉਂਦੇ ਦੇਖੇ ਗਏ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਨੂੰ ਦੇਖ ਕੇ ਨੌਜਵਾਨਾਂ ਨੇ ਮੋਟਰਸਾਈਕਲ ਰੋਕਿਆ ਅਤੇ ਅਚਾਨਕ ਇਕ ਕਰਮਚਾਰੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਜ਼ਖਮੀ ਪੁਲਸ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਇਸ ਹਮਲੇ ਨੇ ਪੁਲਸ ਵਿਭਾਗ ’ਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਕੈਨਾਲ ਵਿਚ ਦਰਜ ਮਾਮਲੇ ਤਹਿਤ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਰਿਮਾਂਡ ’ਤੇ ਭੇਜ ਦਿੱਤਾ ਗਿਆ। ਐੱਸ. ਪੀ. ਸਿਟੀ ਨੇ ਕਿਹਾ ਕਿ ਪੁਲਸ ਹੁਣ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਹੋਰ ਕਿੰਨੇ ਅਪਰਾਧਾਂ ਵਿਚ ਸ਼ਾਮਲ ਹਨ। ਬਠਿੰਡਾ ਪੁਲਸ ਦੀ ਇਸ ਤੇਜ਼ ਕਾਰਵਾਈ ਦੀ ਆਮ ਲੋਕਾਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੇ ਉਮੀਦ ਜਤਾਈ ਹੈ ਕਿ ਪੁਲਸ ਇਸੇ ਤਰ੍ਹਾਂ ਅਪਰਾਧੀਆਂ ਵਿਰੁੱਧ ਸਖਤ ਕਾਰਵਾਈ ਕਰਦੀ ਰਹੇਗੀ।