ਥਾਣੇਦਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

05/11/2023 1:54:31 PM

ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਏ. ਐੱਸ. ਆਈ. ਹਰਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਥਾਣਾ ਚਾਟੀਵਿੰਡ, ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵਿਖੇ ਤਾਇਨਾਤ ਏ. ਐੱਸ. ਆਈ. ਹਰਪਾਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਇੱਕ ਹੋਰ ਗੱਭਰੂ ਦੀ ਅਮਰੀਕਾ 'ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਰਸਾਲ ਸਿੰਘ

ਇਸ ਘਟਨਾ ਦਾ ਦਿਲ ਦਹਿਲਾ ਦੇਣ ਵਾਲਾ ਪਹਿਲੂ ਇਹ ਵੀ ਹੈ ਕਿ ਮੁਲਜ਼ਮ ਐੱਸ. ਐੱਚ. ਓ. ਨੇ ਇਕ ਅਜਿਹੇ ਵਿਅਕਤੀ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ, ਜਿਸ ਦੇ ਪਰਿਵਾਰਕ ਮੈਂਬਰ ਨੇ ਹਾਦਸੇ ਵਿਚ ਲੱਗੀਆਂ ਸੱਟਾਂ ਦਾ ਦਰਦ ਨਾ ਸਹਾਰਦਿਆਂ ਆਪਣੀ ਜਾਨ ਦੇ ਦਿੱਤੀ ਸੀ। ਮ੍ਰਿਤਕ ਦੇ ਪਰਿਵਾਰ ਵਾਲੇ ਲੋਕਾਂ ਨੇ ਗੁੱਸੇ ’ਚ ਆ ਕੇ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਅੰਮ੍ਰਿਤਸਰ ਰੇਂਜ ਵਰਿੰਦਰ ਸਿੰਘ ਸੰਧੂ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ। ਬਿਊਰੋ ਵੱਲੋਂ ਲਏ ਗਏ ਐਕਸ਼ਨ ਵਿਚ ਥਾਣੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫ਼ੈਸਲਾ, ਹਮਦਰਦੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਦਾ ਹੱਕ ਮ੍ਰਿਤਕ ਦੀ ਪਤਨੀ ਦਾ

ਪੀੜਤ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਬਿਊਰੋ ਦੀ ਟੀਮ ਨਾਲ ਜਾਲ ਵਿਛਾ ਕੇ ਦੋ ਗਵਾਹਾਂ ਦੀ ਹਾਜ਼ਰੀ ’ਚ ਮੌਕੇ ’ਤੇ ਹੀ ਮੁਲਜ਼ਮ ਹਰਪਾਲ ਸਿੰਘ ਨੂੰ 5 ਹਜ਼ਾਰ ਰੁਪਏ ਲੈਂਦੇ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਵਿਜ਼ੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ

ਵਿਜੀਲੈਂਸ ਬਿਊਰੋ ਨੇ ਮੁਲਜ਼ਮ ਥਾਣੇਦਾਰ ਤੋਂ ਅਧਿਕਾਰਤ ਜਾਂਚ ਲਈ ਸਮਰੱਥ ਜੱਜ ਤੋਂ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਵਿਜੀਲੈਂਸ ਨੂੰ ਰਿਮਾਂਡ ਨਾ ਦਿੰਦਿਆਂ ਮੁਲਜ਼ਮ ਏ. ਐੱਸ. ਆਈ. ਹਰਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਵਿਚ ਐੱਸ. ਐੱਸ. ਪੀ ਵਰਿੰਦਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan