ਪੁਲਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ, ਦੋ ਗ੍ਰਿਫ਼ਤਾਰ, ਹਥਿਆਰ ਬਰਾਮਦ

06/25/2023 10:32:08 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗੱਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਅੱਜ ਗੈਂਗਸਟਰਾਂ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਅਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਸਵੇਰੇ 6 ਵਜੇ ਤੋਂ ਸਵੇਰੇ 11 ਵਜੇ ਤੱਕ ਕੀਤੀ ਗਈ, ਜਿਸ ਦੌਰਾਨ ਇਨ੍ਹਾਂ ਦੋਵਾਂ ਅਪਰਾਧੀਆਂ ਦੇ ਸਾਥੀਆਂ ਦੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਮਜ਼ਬੂਤ ਪੁਲਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸ ਦਾ ਉਦੇਸ਼ ਭਾਰਤ ਤੇ ਵਿਦੇਸ਼ ਆਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗੱਠਜੋੜ ਨੂੰ ਤੋੜਨਾ ਸੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈਣ ਲਈ ਵੀ ਕਿਹਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਸੰਚਾਲਕ ਪਿਸਤੌਲ ਸਣੇ ਕਾਬੂ

PunjabKesari

ਇਸ ਆਪ੍ਰੇਸ਼ਨ ਦੌਰਾਨ ਤਕਰੀਬਨ 2000 ਪੁਲਸ ਮੁਲਾਜ਼ਮਾਂ ਵਾਲੀਆਂ ਪੰਜਾਬ ਪੁਲਸ ਦੀਆਂ 364 ਟੀਮਾਂ ਵੱਲੋਂ ਲੰਡਾ ਅਤੇ ਰਿੰਦਾ ਨਾਲ ਸਬੰਧਤ ਸਾਰੀਆਂ ਪ੍ਰਮੁੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਹਾਲ ਹੀ ਵਿਚ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕੀਤੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਬਣਾਈ ਗਈ ਸੀ।

PunjabKesari

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅਗਲੇਰੀ ਜਾਂਚ ਲਈ ਕਈ ਵਿਅਕਤੀਆਂ ਨੂੰ ਪੁੱਛਗਿੱਛ ਵਾਸਤੇ ਹਿਰਾਸਤ ਵਿਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਅਪਰਾਧਕ ਸਮੱਗਰੀ ਬਰਾਮਦ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਅੰਕੜਿਆਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।

ਤਰਨਤਾਰਨ ਪੁਲਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ 

ਇਸ ਕਾਰਵਾਈ ਦੌਰਾਨ ਤਰਨਤਾਰਨ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਡੀ. ਐੱਸ. ਪੀ. ਭਿੱਖੀਵਿੰਡ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਸਾਥੀਆਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਉਸ ਦੇ ਭਰਾ ਵਤਨਦੀਪ ਸਿੰਘ ਦੋਵੇਂ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .30 ਬੋਰ ਦਾ ਸਟਾਰ ਪਿਸਟਲ ਅਤੇ .45 ਬੋਰ ਦੇ ਦੋ ਪਿਸਟਲਾਂ ਸਮੇਤ ਵੱਖ-ਵੱਖ ਬੋਰ ਦੇ 285 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ 100 ਗ੍ਰਾਮ ਅਫੀਮ ਅਤੇ 250 ਕਿਲੋ ਲਾਹਣ ਬਰਾਮਦ ਕੀਤਾ। ਐੱਸ.ਐੱਸ.ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਵਾਂ ਭਰਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Manoj

Content Editor

Related News