ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Monday, Apr 27, 2026 - 09:11 PM (IST)

ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸ਼ੀਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਨਾਲ ਪੁਲਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਸ਼ੀਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਵੱਲੋਂ ਉਸਦਾ 1 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਹੁਣ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 

ਸੂਤਰਾਂ ਅਨੁਸਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਨੂੰ ਐਸ.ਐਚ.ਓ ਸ਼ੀਸ਼ਪਾਲ ਸਿੰਘ ਵੱਲੋਂ ਖੁਰਦ-ਬੁਰਦ ਕਰਨ ਦੇ ਦੋਸ਼ ਹਨ। ਮਾਮਲਾ ਜਦੋਂ ਪੁਲਸ ਦੇ ਵੱਡੇ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਵੱਡੀ ਕਾਰਵਾਈ ਕਰਦਿਆਂ ਉਸਦੇ ਖਿਲਾਫ ਥਾਣਾ ਭਿੰਡੀ ਸੈਦਾਂ ਵਿੱਚ ਹੀ ਕੇਸ ਦਰਜ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਸ ਵਿਭਾਗ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। 

ਉਧਰ ਇਸ ਮਾਮਲੇ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ੇ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਪੁਲਸ ਅਫਸਰ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲਗਾਤਾਰ ਨਤੀਜੇ ਸਾਹਮਣੇ ਆ ਰਹੇ ਹਨ। ਧਾਲੀਵਾਲ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਸਰਹੱਦੀ ਇਲਾਕਿਆਂ ਵਿੱਚ ਐਂਟੀ ਡਰੋਨ ਸਿਸਟਮ ਲਗਾਉਣੇ ਚਾਹੀਦੇ ਹਨ। ਹੁਣ ਸਭ ਦੀਆਂ ਨਜ਼ਰਾਂ ਪੁਲਸ ਰਿਮਾਂਡ ਦੌਰਾਨ ਹੋਣ ਵਾਲੀ ਪੁੱਛਗਿੱਛ 'ਤੇ ਟਿਕੀਆਂ ਹਨ, ਕਿਉਂਕਿ ਇਸ ਨਾਲ ਹੋਰ ਕਈ ਚਿਹਰੇ ਬੇਨਕਾਬ ਹੋ ਸਕਦੇ ਹਨ।
 


author

Inder Prajapati

Content Editor

Related News