ਬਿਨਾਂ ਮਾਸਕ ਬਾਜ਼ਾਰਾਂ ਤੇ ਸੜਕਾਂ ''ਤੇ ਘੁੰਮਣ ਵਾਲਿਆਂ ਖਿਲਾਫ ਪੁਲਸ ਨੇ ਕੱਸਿਆ ਸ਼ਿਕੰਜਾ

05/20/2020 3:16:39 PM

ਭਵਾਨੀਗੜ੍ਹ (ਕਾਂਸਲ) : ਸਥਾਨਕ ਥਾਣਾ ਮੁਖੀ ਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਖੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸ਼ਿਕੰਜਾ ਕਸਦਿਆਂ ਕਾਰਵਾਈ ਕੀਤੀ ਹੈ। ਬਾਜ਼ਾਰ ਵਿਖੇ ਵਿਸ਼ੇਸ਼ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਬਿਨਾਂ ਮਾਸਕ ਪਾ ਕੇ ਘੁੰਮ ਰਹੇ ਵਿਅਕਤੀਆਂ ਅਤੇ ਸਮਾਜਕ ਦੂਰੀ ਬਣਾਏ ਰੱਖਣ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਚਿਤਾਵਨੀ ਦੇਣ ਤੋਂ ਬਾਅਦ ਛੱਡਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਘਰੋਂ 'ਚੋਂ ਬਾਹਰ ਨਿਕਲਣ ਅਤੇ ਮਾਸਕ ਪਹਿਨਣਾ, ਬਾਜ਼ਾਰਾਂ 'ਚ ਭੀੜ ਨਾ ਕਰਨੀ, ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਜਨਤਕ ਥਾਵਾਂ 'ਤੇ ਥੁੱਕਣ ਦੀ ਸਖ਼ਤ ਮਨਾਹੀ ਕੀਤੀ ਗਈ ਹੈ, ਜੋ ਵਿਅਕਤੀ ਇਨ੍ਹਾਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨੇ ਵੀ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਤੋਂ ਬਚਾਅ ਲਈ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਲਈ ਪੁਲਸ ਵੱਲੋਂ ਬਾਜ਼ਾਰਾਂ ਅਤੇ ਸੜਕਾਂ 'ਤੇ ਲੋਕਾਂ ਉੱਪਰ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਸਬ ਇੰਸਪੈਕਟਰ ਸੁਰੇਸ਼ ਕੁਮਾਰ ਸਮੇਤ ਪੁਲਸ ਦੇ ਹੋਰ ਜਵਾਨ ਵੀ ਮੌਜੂਦ ਸਨ।

Anuradha

This news is Content Editor Anuradha