ਪੁਲਸ ਟੀਮ ''ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ

Tuesday, Jun 30, 2026 - 06:29 PM (IST)

ਪੁਲਸ ਟੀਮ ''ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ

ਮੋਗਾ (ਕਸ਼ਿਸ਼) : ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਕੈਮਬਰਿਜ ਸਕੂਲ ਦੇ ਪਿਛਲੇ ਪਾਸੇ ਦੇਰ ਰਾਤ ਡੀਜੇ ਬੰਦ ਕਰਵਾਉਣ ਗਈ ਪੁਲਸ ਟੀਮ 'ਤੇ ਕੁਝ ਵਿਅਕਤੀਆਂ ਵੱਲੋਂ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਪੰਜਾਬ ਪੁਲਸ ਦੇ ਏਐੱਸਆਈ ਸੂਬਾ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ 28 ਅਤੇ 29 ਜੂਨ ਦੀ ਦਰਮਿਆਨੀ ਰਾਤ ਕਰੀਬ 1 ਵਜੇ 112 ਹੈਲਪਲਾਈਨ 'ਤੇ ਗੁਆਂਢੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਕਿ ਇਕ ਘਰ ਵਿੱਚ ਉੱਚੀ ਆਵਾਜ਼ ਵਿਚ ਡੀਜੇ ਚਲਾਇਆ ਜਾ ਰਿਹਾ ਹੈ ਅਤੇ ਕੁਝ ਲੋਕ ਸ਼ਰਾਬ ਦੇ ਨਸ਼ੇ ਵਿਚ ਹੰਗਾਮਾ ਕਰ ਰਹੇ ਹਨ। ਸ਼ਿਕਾਇਤ ਮਿਲਣ 'ਤੇ ਪੁਲਸ ਮੁਲਾਜ਼ਮ ਗੁਰਭੇਜ ਸਿੰਘ ਅਤੇ ਏਐਸਆਈ ਸੂਬਾ ਸਿੰਘ ਮੌਕੇ 'ਤੇ ਪਹੁੰਚੇ ਅਤੇ ਡੀਜੇ ਬੰਦ ਕਰਨ ਲਈ ਕਿਹਾ।

ਇਸ ਦੌਰਾਨ ਉੱਥੇ ਮੌਜੂਦ ਵਿਅਕਤੀਆਂ ਨੇ ਪੁਲਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਪੁਲਸ ਟੀਮ ਨੂੰ ਘੇਰ ਲਿਆ ਅਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਏਐਸਆਈ ਸੂਬਾ ਸਿੰਘ ਨੂੰ ਕਈ ਸੱਟਾਂ ਲੱਗੀਆਂ। ਰੌਲਾ ਪੈਣ 'ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸਿਟੀ ਸਾਊਥ ਮੋਗਾ ਪੁਲਸ ਨੇ ਇਸ ਮਾਮਲੇ ਵਿਚ ਕਤਲ ਦੀ ਕੋਸ਼ਿਸ਼, ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ ਅਤੇ ਪੁਲਸ ਮੁਲਾਜ਼ਮ 'ਤੇ ਹਮਲਾ ਕਰਨ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਸ ਨੇ ਕਾਰਵਾਈ ਕਰਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਨਿਰੰਜਨ ਸਿੰਘ, ਹਰਤੇਜ, ਰਾਕੇਸ਼ ਕੁਮਾਰ, ਮੋਨੂ ਯਾਦਵ ਅਤੇ ਮਨੀ ਕੁਮਾਰ ਸ਼ਾਮਲ ਹਨ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਡੀਐਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Gurminder Singh

Content Editor

Related News