ਸਾਲ ਬਾਅਦ ਹੀ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋਇਆ : ਸੁਖਬੀਰ

03/11/2018 7:10:46 AM

ਕੋਟਕਪੂਰਾ (ਨਰਿੰਦਰ, ਭਾਵਿਤ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖਿਲਾਫ਼ ਸ਼ੁਰੂ ਕੀਤੀਆਂ ਪੋਲ ਖੋਲ੍ਹ ਰੈਲੀਆਂ ਤਹਿਤ ਅੱਜ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਪੋਲ ਖੋਲ੍ਹ ਰੈਲੀ ਸਥਾਨਕ ਨਵੀਂ ਦਾਣਾ ਮੰਡੀ ਵਿਚ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਇਕ ਸਾਲ ਬਾਅਦ ਹੀ ਪੰਜਾਬ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਗਠਜੋੜ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਇਲਾਕਿਆਂ 'ਚੋਂ ਸੇਮ ਦਾ ਖਾਤਮਾ, ਫਰੀਦਕੋਟ ਵਿਖੇ ਬਾਬਾ ਫ਼ਰੀਦ ਯੂਨੀਵਰਸਿਟੀ, ਪੱਕੇ ਖਾਲ, ਪੁਲਾਂ ਦਾ ਨਿਰਮਾਣ, ਬਿਜਲੀ ਦੇ ਗਰਿੱਡ, ਸੜਕਾਂ ਆਦਿ ਦੇ ਕੰਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਨੇਪਰੇ ਚੜ੍ਹੇ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੀਤੇ ਵਾਦਿਆਂ ਅਨੁਸਾਰ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ, ਉਲਟਾ ਸਰਕਾਰ ਬਣਨ ਦੇ ਤੁਰੰਤ ਬਾਅਦ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਸੇਵਾ ਕੇਂਦਰ, ਆਟਾ-ਦਾਲ ਸਕੀਮ, ਥਰਮਲ ਪਲਾਂਟ, ਨੌਕਰੀਆਂ, ਵਿਕਾਸ ਦੇ ਕੰਮ, ਸਕੂਲ, ਵਜ਼ੀਫ਼ੇ, ਗ੍ਰਾਂਟਾਂ, ਲੜਕੀਆਂ ਲਈ ਸਾਈਕਲ, ਸਸਤੇ ਭਾਅ ਦੀਆਂ ਦਵਾਈਆਂ ਦੀਆਂ ਦੁਕਾਨਾਂ ਆਦਿ ਬੰਦ ਕਰ ਕੇ ਸੂਬੇ ਦੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵੀ ਖੋਹ ਲਈਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ 'ਚ ਗੁਟਕਾ ਸਾਹਿਬ ਫੜ ਕੇ ਇਹ ਸਹੁੰ ਖਾਧੀ ਸੀ ਕਿ ਸਰਕਾਰ ਬਣਨ 'ਤੇ ਨਸ਼ਿਆਂ ਦਾ ਖਾਤਮਾ ਕਰਨਗੇ ਅਤੇ ਨਸ਼ਿਆਂ ਦੇ ਸਮੱਗਲਰਾਂ ਨੂੰ ਜੇਲਾਂ ਵਿਚ ਬੰਦ ਕਰ ਦਿੱਤਾ ਜਾਵੇਗਾ, ਜਦਕਿ ਅਜੇ ਤੱਕ ਇਕ ਵੀ ਸਮੱਗਲਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਸ਼ਿਆਂ ਦਾ ਰੁਝਾਨ ਵੀ ਜਿਉਂ ਦਾ ਤਿਉਂ ਹੈ। ਬਰਗਾੜੀ ਬੇਦਅਬੀ ਕਾਂਡ ਸਬੰਧੀ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਪਾਰਟੀ ਹੈ ਅਤੇ ਉਹ ਅਜਿਹਾ ਕਰਨ ਬਾਰੇ ਕਦੇ ਵੀ ਸੋਚ ਨਹੀਂ ਸਕਦੇ।
ਉਨ੍ਹਾਂ ਕਿਹਾ ਕਿ 'ਆਪ' ਅਤੇ ਕਾਂਗਰਸ ਨੇ ਅੰਦਰ ਖਾਤੇ ਗਠਜੋੜ ਕਰ ਕੇ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕੀਤਾ, ਜੋ ਹੁਣ ਸਾਹਮਣੇ ਆ ਚੁੱਕਾ ਹੈ। ਆਪਣੀ ਅਸਫਲਤਾ ਨੂੰ ਛੁਪਾਉਣ ਲਈ ਮੌਜੂਦਾ ਸਰਕਾਰ ਵੱਲੋਂ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋਇਆ ਜਾ ਰਿਹਾ ਹੈ। ਪੰਜਾਬ ਦੀ ਵਾਗਡੋਰ ਉਨ੍ਹਾਂ ਨੂੰ ਦੇ ਦਿੱਤੀ ਜਾਵੇ ਤਾਂ ਉਹ ਦੋ ਮਹੀਨਿਆਂ ਦੇ ਅੰਦਰ-ਅੰਦਰ ਖਜ਼ਾਨਾ ਭਰ ਕੇ ਦਿਖਾਉਣਗੇ। ਸਰਕਾਰੀ ਖਜ਼ਾਨੇ ਨੂੰ ਭਰਨ ਲਈ ਰਜਿਸਟਰੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਸ਼ਰਾਬ ਦੀ ਵਿਕਰੀ ਤੋਂ ਭਾਰੀ ਮਾਲੀਆ ਇਕੱਠਾ ਹੋਣ ਤੋਂ ਇਲਾਵਾ ਟੈਕਸਾਂ 'ਚ ਭਾਰੀ ਵਾਧਾ ਕੀਤਾ ਗਿਆ ਹੈ ਅਤੇ ਫਿਰ ਵੀ ਖਜ਼ਾਨਾ ਖਾਲੀ ਹੋਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।
ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਖਤਮ ਕਰਨ ਦਾ ਐਲਾਨ ਕੀਤਾ ਸੀ ਪਰ ਜਿੰਨੇ ਦਿਨ ਸਰਕਾਰ ਬਣੇ ਨੂੰ ਹੋਏ ਹਨ, ਉਸ ਤੋਂ ਕੀਤੇ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 20 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਵਿਚ ਉਹ ਵੱਡੀ ਗਿਣਤੀ 'ਚ ਪੁੱਜਣ ਤਾਂ ਜੋ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾ ਸਕੇ। ਇਸ ਵਿਸ਼ਾਲ ਰੈਲੀ ਨੂੰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ, ਅਮਰਜੀਤ ਕੌਰ ਪੰਜਗਰਾਈਂ, ਮੱਖਣ ਬਰਾੜ ਮੱਲਕੇ, ਚੇਅਰਮੈਨ ਕੁਲਤਾਰ ਸਿੰਘ ਬਰਾੜ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖਤ ਨਿੰਦਾ ਕੀਤੀ।
ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਪੰਜਾਬ ਦੇ ਲੋਕਾਂ 'ਚੋਂ 70 ਫੀਸਦੀ ਨਸ਼ੇੜੀ ਹੋਣ ਦੀ ਗੱਲ ਕਰ ਕੇ ਪੰਜਾਬ ਨੂੰ ਬਦਨਾਮ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਰੈਲੀ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਕੇਵਲ ਸਿੰਘ ਦੇ ਘਰ ਵੀ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ, ਸੁਖਦੇਵ ਸਿੰਘ ਬਾਠ, ਨਾਜਰ ਸਿੰਘ ਸਰਾਵਾਂ, ਨਗਰ ਕੌਂਸਲ ਪ੍ਰਧਾਨ ਮੋਹਨ ਸਿੰਘ ਮੱਤਾ, ਨਵਦੀਪ ਸਿੰਘ ਬੱਬੂ ਬਰਾੜ, ਜਸਪਾਲ ਸਿੰਘ ਮੌੜ, ਦਰਸ਼ਨ ਸਿੰਘ ਠੇਕੇਦਾਰ, ਲਖਵੀਰ ਸਿੰਘ ਅਰਾਈਆਂਵਾਲਾ, ਇਸਤਰੀ ਵਿੰਗ ਦੀ ਜ਼ਿਲਾ ਪ੍ਰਧਾਨ (ਦਿਹਾਤੀ) ਗੁਰਿੰਦਰ ਕੌਰ ਭੋਲੂਵਾਲਾ, ਸ਼ਹਿਰੀ ਪ੍ਰਧਾਨ ਭੁਪਿੰਦਰ ਕੌਰ ਸਮਰਾ, ਭਾਜਪਾ ਦੇ ਜ਼ਿਲਾ ਪ੍ਰਧਾਨ ਸੁਨੀਤਾ ਗਰਗ, ਕੇਵਲ ਸਿੰਘ ਪ੍ਰੇਮੀ, ਤੀਰਥ ਸਿੰਘ ਮਾਹਲਾ, ਰਵਿੰਦਰ ਗਰਗ ਤੋਤਾ, ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ, ਮੱਘਰ ਸਿੰਘ ਫਰੀਦਕੋਟ, ਅਨੂੰ ਪ੍ਰਤਾਪ ਸਿੰਘ ਬਰਾੜ, ਮਨੋਹਰ ਸਿੰਘ ਕਾਲੜਾ, ਮਨਜੀਤ ਕੌਰ ਨੰਗਲ, ਸੁਰਜੀਤ ਸਿੰਘ, ਸੁਰਜੀਤ ਜ਼ੈਲਦਾਰ, ਸ਼ਨੀ ਮੌੜ, ਤਰਲੋਚਨ ਸਿੰਘ ਦੁੱਲਟ ਆਦਿ ਮੌਜੂਦ ਸਨ।


Related News