''ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸਾਂਭਿਆ ਜਾਵੇ''
Wednesday, Oct 25, 2017 - 12:24 PM (IST)

ਚੰਡੀਗੜ੍ਹ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਵਿਗਿਆਨਕ ਤਰੀਕੇ ਨਾਲ ਸਾਂਭਿਆ ਜਾਵੇ। ਬੋਰਡ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜੋ ਪ੍ਰਦੂਸ਼ਣ ਪੈਦਾ ਹੁੰਦਾ ਹੈ, ਉਹ ਬੱਚਿਆਂ, ਵਿਦਿਆਰਥੀਆਂ, ਬਜ਼ੁਰਗਾਂ, ਮਰੀਜ਼ਾਂ ਅਤੇ ਕਮਜ਼ੋਰ ਲੋਕਾਂ ਦੀ ਸਿਹਤ ਲਈ ਕਾਫੀ ਖਤਰਨਾਕ ਹੈ। ਬੋਰਡ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ 'ਚ ਸੀਨੀਅਰ ਨਾਗਰਿਕਾਂ, ਮਰੀਜ਼ਾਂ ਅਤੇ ਬੱਚਿਆਂ ਨੂੰ ਖੁੱਲ੍ਹੇਆਮ ਬਾਹਰ ਘੁੰਮਣ ਤੋਂ ਬਚਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬੋਰਡ ਦਾ ਕਹਿਣਾ ਹੈ ਕਿ ਸਕੂਲ ਦੇ ਪ੍ਰਬੰਧਕਾਂ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚਿਆਂ ਨੂੰ ਕਿਸੇ ਤਰ੍ਹਾਂ ਦੀਆਂ ਬਾਹਰਲੀਆਂ ਗਤੀਵਿਧੀਆਂ ਕਰਨ ਦੀ ਇਜਾਜ਼ਤ ਆਉਣ ਵਾਲੇ ਕੁਝ ਦਿਨਾਂ ਤੱਕ ਨਾ ਦਿੱਤੀ ਜਾਵੇ। ਇਨ੍ਹੀਂ ਦਿਨੀਂ ਪੰਜਾਬ ਦੇ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ, ਜਿਸ ਕਾਰਨ ਪਿਛਲੇ 4-5 ਦਿਨਾਂ ਤੋਂ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ। ਇਸ ਤੋਂ ਇਲਾਵਾ ਦੀਵਾਲੀ ਵਾਲੇ ਦਿਨ ਪਟਾਕਿਆਂ ਕਾਰਨ ਵੀ ਹਵਾ ਕਾਫੀ ਦੂਸ਼ਿਤ ਹੋਈ ਹੈ ਅਤੇ ਪ੍ਰਦੂਸ਼ਣ 'ਚ ਵੱਡੇ ਪੱਧਰ 'ਤੇ ਵਾਧਾ ਹੋਇਆ ਹੈ।