ਜਗਦੀਸ਼ ਟਾਈਟਲਰ ਨੂੰ ਅਹੁਦਾ ਦੇ ਕੇ ਕਾਂਗਰਸ ਨੇ ਸਿੱਖਾਂ ਨੂੰ ਦਿੱਤੀ ਮਾਨਸਿਕ ਪੀੜਾ: ਬੀਬੀ ਜਗੀਰ ਕੌਰ

Saturday, Oct 30, 2021 - 03:26 PM (IST)

ਅੰਮ੍ਰਿਤਸਰ (ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। 

ਇਹ ਵੀ ਪੜ੍ਹੋ: ਪੈਂਡਿੰਗ ਮੰਗਾਂ ਲਈ ਢਾਡੀ ਜਥਿਆਂ ਵਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਖ਼ੂਨ ਦਾ ਪਿਆਲਾ ਭੇਟ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ ਵੱਲੋਂ ਜਗਦੀਸ਼ ਟਾਈਟਲਰ ਨੂੰ ਪਾਰਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਕਰਨ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੰਬਰ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਨੂੰ ਵਾਰ-ਵਾਰ ਅਹੁਦੇ ਦੇਣੇ ਸਿੱਖਾਂ ਦੇ ਕਾਤਲਾਂ ਦੀ ਸਿੱਧੀ ਹਮਾਇਤ ਕਰਨਾ ਹੈ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਹੈ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਹੋਰ ਵੀ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਟਾਈਟਲਰ ਦੀ ਨਿਯੁਕਤੀ ਨਾਲ ਸਿੱਖ ਕਤਲੇਆਮ ਦੇ ਵਰ੍ਹੇਗੰਢ ਦੇ ਮੌਕੇ ’ਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੰਜੀਦਾ ਵਿਅਕਤੀ ਕਾਂਗਰਸ ਦੀ ਇਸ ਕਾਰਵਾਈ ਨੂੰ ਜਾਇਜ਼ ਨਹੀਂ ਕਹਿ ਸਕਦਾ ਅਤੇ ਇਸ ਨਾਲ ਇਹ ਪੱਕੇ ਤੌਰ ’ਤੇ ਸਾਫ਼ ਹੋ ਗਿਆ ਹੈ ਕਿ ਕਾਂਗਰਸ ਜਮਾਤ ਜਾਣਬੁਝ ਕੇ ਸਿੱਖਾਂ ਨੂੰ ਮਾਨਸਿਕ ਪੀੜਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫ਼ੈਸਲੇ ਦੀ ਜ਼ੋਰਦਾਰ ਨਿੰਦਿਆ ਕਰਦੀ ਹੈ ਅਤੇ ਟਾਈਟਲਰ ਸਮੇਤ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

ਨੋਟ : ਕਾਂਗਰਸ ਵੱਲੋਂ ਜਗਦੀਸ਼ ਟਾਈਟਲਰ ਨੂੰ ਅਹੁਦਾ ਦੇਣ ਸਬੰਧੀ ਕੀ ਹੈ ਤੁਹਾਡੀ ਰਾਏ?


Harnek Seechewal

Content Editor

Related News