ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਸੂਬੇ 'ਚ ਬੇਹੱਦ ਡੂੰਘਾ ਹੋਇਆ ਬਿਜਲੀ ਸੰਕਟ
Tuesday, Nov 03, 2020 - 06:29 PM (IST)
ਚੰਡੀਗੜ੍ਹ : ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਣ ਪੰਜਾਬ ਵਿਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੋ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਰਾਜਘਾਟ ਵਿਖੇ ਸੰਕੇਤਿਕ ਧਰਨਾ ਦੇਣ ਦਾ ਫ਼ੈਸਲਾ ਇਸ ਕਰਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵੱਲ ਦਿਵਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਧਾਰਾ 144 ਲੱਗੀ ਹੋਣ ਦੇ ਮੱਦੇਨਜ਼ਰ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ ਵਿਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਉਹ ਖੁਦ ਪਹਿਲੇ ਜੱਥੇ ਦੀ ਸਵੇਰੇ 10:30 ਅਗਵਾਈ ਕਰਨਗੇ।
ਇਹ ਵੀ ਪੜ੍ਹੋ : ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਸੂਬੇ, ਜੋ ਕਿ ਆਖਰੀ ਨਿੱਜੀ ਪਾਵਰ ਪਲਾਂਟ ਦੇ ਅੱਜ ਬੰਦ ਹੋ ਜਾਣ ਕਾਰਨ ਔਕੜ ਭਰੀ ਸਥਿਤੀ ਵਿਚੋਂ ਲੰਘ ਰਿਹਾ ਹੈ, ਦੇ ਹਿੱਤਾਂ ਨੂੰ ਵੇਖਦੇ ਹੋਏ ਇਨਾਂ ਧਰਨਿਆਂ ਵਿੱਚ ਹਿੱਸਾ ਲੈਣ ਦੀ ਮੁੜ ਅਪੀਲ ਕੀਤੀ। ਜੀ.ਵੀ.ਕੇ. ਨੇ ਇਹ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਹਿਰ ਤਿੰਨ ਵਜੇ ਤੋਂ ਸੰਚਾਲਨ ਬੰਦ ਕਰ ਦੇਵੇਗਾ ਕਿਉਂਕਿ ਕੋਲੇ ਦੀ ਮਾਤਰਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਸੂਬੇ ਵਿਚ ਸਰਕਾਰੀ ਤੇ ਹੋਰ ਨਿੱਜੀ ਪਾਵਰ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਕੈਨੇਡਾ 'ਚ ਮੌਤ ਦੇ ਮੂੰਹ 'ਚ ਗਏ ਇਕਲੌਤੇ ਪੁੱਤ ਦਾ ਹੋਇਆ ਸਸਕਾਰ, ਭੁੱਬਾਂ ਮਾਰ ਰੋਇਆ ਪਰਿਵਾਰ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀ ਸਥਿਤੀ ਬੇਹੱਦ ਗੰਭੀਰ ਹੈ ਕਿਉਂਕਿ ਕਿਸਾਨਾਂ ਦੇ ਮਾਲ ਗੱਡੀਆਂ ਦੀ ਆਵਾਜਾਈ ਨਾ ਰੋਕਣ ਦੇ ਫ਼ੈਸਲੇ ਦੇ ਬਾਵਜੂਦ ਵੀ ਰੇਲਵੇ ਵੱਲੋਂ ਇਨ੍ਹਾਂ ਮਾਲ ਗੱਡੀਆਂ ਨੂੰ ਚਾਲੂ ਨਾ ਕੀਤੇ ਜਾਣ ਕਾਰਨ ਸੂਬੇ ਕੋਲ ਕੋਲਾ, ਯੂਰੀਆ/ਡੀ.ਏ.ਪੀ. ਅਤੇ ਹੋਰ ਜ਼ਰੂਰੀ ਵਸਤਾਂ ਖ਼ਤਮ ਹੋ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਬਿਜਲੀ ਖਰੀਦ ਦੀ ਇਸ ਦੀ ਬੋਲੀ ਨੂੰ ਇਜਾਜ਼ਤ ਨਾ ਮਿਲਣ ਕਾਰਨ ਸੂਬੇ ਨੂੰ ਬਿਜਲੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਸਬੰਧੀ ਅਤੇ ਸਬਜ਼ੀਆਂ ਦੀ ਸਪਲਾਈ 'ਤੇ ਵੀ ਮਾੜਾ ਅਸਰ ਪਿਆ ਹੈ ਤੇ ਹਾਈ ਲੌਸ ਫੀਡਰਾਂ ਦੀ ਬਿਜਲੀ ਸਪਲਾਈ ਕੱਟੀ ਜਾ ਚੁੱਕੀ ਹੈ। ਸੂਬੇ ਦੇ ਲੋਕ ਹਨੇਰੇ ਵਿਚ ਤਿਉਹਾਰ ਮਨਾਉਣ ਦੇ ਕੰਢੇ 'ਤੇ ਖੜ੍ਹੇ ਹਨ।
ਇਹ ਵੀ ਪੜ੍ਹੋ : ਬਾਦਲਾਂ ਨੂੰ ਠਿੱਬੀ ਲਾਉਣ ਲਈ 'ਕੱਟੜ' ਵਿਰੋਧੀਆਂ ਨੂੰ ਦੋਸਤ ਬਣਾਉਣ 'ਚ ਲੱਗੇ ਢੀਂਡਸਾ!
ਉਨ੍ਹਾਂ ਅੱਗੇ ਕਿਹਾ ਕਿ ਰੇਲਵੇ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਨਿਰੰਤਰ ਅਤੇ ਬੇਵਜਾ ਮੁਅੱਤਲ ਕੀਤੇ ਜਾਣ ਨਾਲ ਜੰਮੂ ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਰਗੇ ਹੋਰ ਸੂਬਿਆਂ ਲਈ ਗੰਭੀਰ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਮੁੜ ਸਾਵਧਾਨ ਕਰਦਿਆਂ ਕਿਹਾ ਕਿ ਜੇਕਰ ਫੌਜਾਂ ਤੱਕ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸਪਲਾਈ ਨਾ ਪਹੁੰਚਾਈ ਗਈ ਤਾਂ ਸਾਡੀਆਂ ਸੈਨਾਵਾਂ ਨੂੰ ਦੁਸ਼ਮਣ ਦੀ ਮਾਰ ਹੇਠ ਆਉਣ ਵਿਚ ਦੇਰ ਨਹੀਂ ਲੱਗੇਗੀ। ਕੈਪਟਨ ਨੇ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਨੇ ਸੂਬੇ ਨੂੰ ਡੂੰਘੇ ਸੰਕਟ ਵਿਚ ਧੱਕ ਦਿੱਤਾ ਹੈ। ਉਨ੍ਹਾਂ ਨੇ ਹਾਲ ਦੀਆਂ ਪ੍ਰਸਥਿਤੀਆਂ ਨੂੰ ਭਾਰਤ ਦੇ ਸੰਵਿਧਾਨਕ ਸੰਘੀ ਢਾਂਚੇ ਦੇ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਖਬਰਦਾਰ ਕਰਦਿਆਂ ਕਿਹਾ ਕਿ ਜੇਕਰ ਸਥਿਤੀ ਨਾ ਸੰਭਾਲੀ ਤਾਂ ਮੁਲਕ, ਜੋ ਜਮਹੂਰੀ ਸੰਘਵਾਦ ਦੀਆਂ ਨੀਹਾਂ 'ਤੇ ਟਿਕਿਆ ਹੋਇਆ ਹੈ, ਵਿਚ ਵੱਡੀ ਉਥਲ-ਪੁਥਲ ਅਤੇ ਆਫ਼ਤ ਖੜ੍ਹੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਨਗਰ ਕੀਰਤਨ 'ਚ ਕੁੜੀਆਂ ਛੇੜਨ ਦਾ ਵਿਰੋਧ ਕਰਨਾ ਪਿਆ ਮਹਿੰਗਾ, 2 ਨੌਜਵਾਨ ਚਾਕੂਆਂ ਨਾਲ ਵਿੰਨ੍ਹੇ