ਬਿਜਲੀ ਕੱਟਾਂ ਤੋਂ ਲੋਕਾਂ ਨੂੰ ਜਲਦ ਰਾਹਤ ਨਾ ਦਿਵਾਈ ਤਾਂ ਅਕਾਲੀ ਦਲ ਵਿੱਢੇਗਾ ਹੋਰ ਤਿੱਖਾ ਸੰਘਰਸ਼ : ਗਿੱਲ
Friday, Jul 02, 2021 - 03:06 PM (IST)
 
            
            ਅੰਮ੍ਰਿਤਸਰ (ਛੀਨਾ) - ਕਾਂਗਰਸ ਸਰਕਾਰ ਵਲੋਂ ਸੂਬੇ ’ਚ ਲਾਏ ਜਾ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਦੇ ਵਿਰੋਧ ’ਚ ਅੱਜ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਇੰਜੀਨਅਰ ਬਾਰਡਰ ਜੋਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ.ਦੇ ਦਫ਼ਤਰ ਬਾਹਰ ਧਰਨਾ ਲਾਇਆ ਗਿਆ। ਧਰਨੇ ਦੌਰਾਨ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਗਰਮੀ ਦੌਰਾਨ ਬਿਜਲੀ ਦੇ ਲੱਗੇ ਰਹੇ ਵੱਡੇ-ਵੱਡੇ ਕੱਟਾਂ ਕਾਰਨ ਲੋਕ ਧ੍ਰਾਹ-ਧ੍ਰਾਹ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਕੋਈ ਰਾਹਤ ਪ੍ਰਦਾਨ ਕਰਨ ਦੀ ਥਾਂ ਆਪਣੇ ਮੰਤਰੀਆ ਤੇ ਵਿਧਾਇਕਾਂ ਨਾਲ ਸ਼ਾਹੀ ਖਾਣੇ ਖਾਣ ’ਚ ਮਸ਼ਰੂਫ ਹਨ। ਸ.ਗਿੱਲ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਮਿਲਣ ਸਦਕਾ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆ ਹਨ। ਜ਼ਮੀਨਾਂ ਬੰਜਰ ਬਣਦੀਆਂ ਜਾ ਰਹੀਆਂ ਹਨ, ਜਿਸ ਦੇ ਬਾਵਜੂਦ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ। ਗਿੱਲ ਨੇ ਕਿਹਾ ਕਿ ਇਹ ਉਹੋ ਹੀ ਪੰਜਾਬ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਸਖ਼ਤ ਮਿਹਨਤ ਅਤੇ ਲਿਆਕਤ ਸਦਕਾ ਬਿਜਲੀ ਪੱਖੋਂ ਸਰਪਲਸ ਸੂਬਾ ਬਣਾਇਆ ਸੀ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਹੁਣ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਦੇ ਲੋਕ ਬਿਜਲੀ ਦੀ ਭਾਰੀ ਕਿਲਤ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਗਏ ਹਨ। ਗਿੱਲ ਨੇ ਕੈਪਟਨ ਸਰਕਾਰ ਨੂੰ ਤਾੜਨਾ ਕਰਦਿਆਂ ਆਖਿਆ ਜੇਕਰ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਜਲਦ ਰਾਹਤ ਨਾ ਦਿਵਾਈ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਮੇਂ ਰੋਸ ਪ੍ਰਦਰਸ਼ਨ ਕਰਨ ਵਾਲਿਆ ’ਚ ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਅਜੇਬੀਰਪਾਲ ਸਿੰਘ ਰੰਧਾਵਾ, ਅਵਤਾਰ ਸਿੰਘ ਟਰੱਕਾਂ ਵਾਲੇ, ਹਰਮੀਤ ਸਿੰਘ ਮਠਾੜੂ, ਸਰਬਜੀਤ ਸਿੰਘ ਸਰਬ ਭੁੱਲਰ ਆਦਿ ਸਖਸ਼ੀਅਤਾਂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            