ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

05/12/2018 12:56:50 PM

ਪਟਿਆਲਾ (ਜੋਸਨ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈੱਡਰੇਸ਼ਨ ਏਟਕ, ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈੱਡਰੇਸ਼ਨ ਚਾਹਲ, ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ, ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਅਤੇ ਟਰਾਂਸਕੋ 'ਤੇ ਆਧਾਰਤ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ, ਪੰਜਾਬ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਜਾਰੀ ਕਰਨ, ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਪੰਜਾਬ ਸਰਕਾਰ ਦੁਆਰਾ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਟ ਦੇ 2 ਯੂਨਿਟ ਬੰਦ ਕਰਨ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। 
ਅੱਜ ਇਥੇ ਬਿਜਲੀ ਏਕਤਾ ਮੰਚ ਪੰਜਾਬ ਦੀ ਮੀਟਿੰਗ ਹਰਭਜਨ ਸਿੰਘ ਪਿਲਖਣੀ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ, ਬੁਲਾਰੇ ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ ਚੀਮਾ ਅਤੇ ਮਹਿੰਦਰ ਸਿੰਘ ਲਹਿਰਾ ਨੇ ਦੱਸਿਆ ਕਿ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ 19 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬਿਜਲੀ ਮੁਲਾਜ਼ਮਾਂ ਨੂੰ ਮੰਗਾਂ ਪ੍ਰਤੀ ਜਾਗਰੂਕ ਕਰਨ ਲਈ ਕਨਵੈਨਸ਼ਨ ਕੀਤੀ ਜਾਵੇਗੀ। ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਵਾ ਸਾਲ ਦੀ ਕਾਰਗੁਜ਼ਾਰੀ ਨਿਰਾਸ਼ਜਨਕ ਰਹੀ ਹੈ। 
ਜਥੇਬੰਦੀਆਂ ਨੇ ਕਿਹਾ ਕਿ ਬਿਜਲੀ ਨਿਗਮ ਦੀ ਮੈਨੇਜਮੈਂਟ ਮੁਲਾਜ਼ਮਾਂ ਨਾਲ ਕੀਤੇ ਫੈਸਲਿਆਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ 1.12.11 ਤੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ 'ਤੇ ਪੇ-ਬੈਂਡ ਲਾਗੂ ਕੀਤਾ ਜਾਵੇਗਾ। ਬਿਜਲੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ 23 ਸਾਲਾ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ 1.1.16 ਤੋਂ ਪੇ-ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇਗੀ।  ਮੀਟਿੰਗ ਵਿਚ ਜਰਨੈਲ ਸਿੰਘ ਚੀਮਾ, ਗੁਰਵੇਲ ਸਿੰਘ ਬੱਲਪੁਰੀਆ, ਮਨਜੀਤ ਸਿੰਘ ਚਾਹਲ, ਪੂਰਨ ਸਿੰਘ ਖਾਈ, ਨਰਿੰਦਰ ਸੈਣੀ, ਆਰ. ਕੇ. ਤਿਵਾੜੀ ਆਦਿ ਹਾਜ਼ਰ ਸਨ।