ਬਿਜਲੀ ਮੰਤਰੀ ਹਰਭਜਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚਲਾਉਣ ਦੇ ਦਿੱਤੇ ਆਦੇਸ਼

04/29/2022 8:51:04 PM

ਚੰਡੀਗੜ੍ਹ/ਰੂਪਨਗਰ : ਪੰਜਾਬ 'ਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਵੀ ਸਨ। ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ 'ਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਾਲਾਨਾ ਮੇਨਟੀਨੈਂਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ, ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ। ਇਸ ਉਪਰੰਤ ਮੌਕੇ 'ਤੇ ਹਾਜ਼ਰ ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ ਅਖੀਰ ਤੱਕ ਵਾਧਾ

ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ, ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਸਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ। ਇਸ ਮੌਕੇ ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਖੁਦ ਨਿੱਜੀ ਤੌਰ 'ਤੇ ਜਾ ਕੇ ਯੂਨਿਟਾਂ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ, ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜ੍ਹੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ, ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾਂ ਪਿਆ ਹੈ, ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੋਣਾ ਪਿਆ।

ਇਹ ਵੀ ਪੜ੍ਹੋ : ਮੰਡੀਆਂ ਨੂੰ ਤੁਰੰਤ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ : ਲਾਲ ਚੰਦ ਕਟਾਰੂਚੱਕ

ਉਨ੍ਹਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਲਦ ਹੀ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ, ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ। ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸ.ਐੱਸ.ਪੀ. ਡਾ. ਸੰਦੀਪ ਗਰਗ, ਐੱਸ.ਡੀ.ਐੱਮ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐੱਸ.ਟੀ.ਪੀ. ਰਵੀ ਵੰਦਵਾ,  ਜਨਰੇਸ਼ਨ ਡਾਇਰੈਕਟਰ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਯੂਨਾਈਟਿਡ ਹਿੰਦੂ ਫਰੰਟ ਨੇ UCSIRF 'ਤੇ ਪਾਬੰਦੀ ਦੀ ਮੰਗ ਕਰਦਿਆਂ ਬਾਈਡੇਨ ਨੂੰ ਭੇਜਿਆ ਮੰਗ ਪੱਤਰ

Mukesh

This news is Content Editor Mukesh