ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

Tuesday, Nov 24, 2026 - 01:29 PM (IST)

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ’ਚ ਬਿਜਲੀ ਦੇ ਅਣਐਲਾਨੇ ਅਤੇ ਲੰਬੇ ਕੱਟਾਂ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪਿਛਲੇ ਕਈ ਦਿਨਾਂ ਤੋਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਘੰਟਿਆਂਬੱਧੀ ਬਿਜਲੀ ਬੰਦ ਰਹਿਣ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਬਿਜਲੀ ਜਾਂਦਿਆਂ ਹੀ ਕਈ ਘਰਾਂ ਵਿੱਚ ਪਾਣੀ ਦੀ ਸਪਲਾਈ ਵੀ ਠੱਪ ਹੋ ਜਾਂਦੀ ਹੈ, ਜਦੋਂ ਕਿ ਲੰਬੇ ਕੱਟਾਂ ਕਾਰਨ ਇਨਵਰਟਰ ਵੀ ਜਵਾਬ ਦੇਣ ਲੱਗ ਪਏ ਹਨ। ਵਾਰਡ ਨੰਬਰ 30 ਅਧੀਨ ਆਉਂਦੇ ਜਰਨੈਲ ਇਨਕਲੇਵ ਸਮੇਤ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ਦੇ ਵਸਨੀਕਾਂ ਵਿੱਚ ਪਾਵਰਕੌਮ ਦੀ ਕਾਰਜ ਪ੍ਰਣਾਲੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਸਵਾਲ ਹੈ ਕਿ ਜਦੋਂ ਬਿਜਲੀ ਦੇ ਬਿੱਲ ਸਮੇਂ ਸਿਰ ਵਸੂਲੇ ਜਾਂਦੇ ਹਨ ਤਾਂ ਨਿਰਵਿਘਨ ਸਪਲਾਈ ਦੇਣ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ। ਜਰਨੈਲ ਇਨਕਲੇਵ ਦੇ ਵਸਨੀਕਾਂ ਅਨੁਸਾਰ ਬਿਜਲੀ ਕਦੋਂ ਬੰਦ ਹੋ ਜਾਵੇ, ਇਸ ਦਾ ਕੋਈ ਭਰੋਸਾ ਨਹੀਂ ਰਿਹਾ। ਕਦੇ ਦਿਨ ਵੇਲੇ ਅਤੇ ਕਦੇ ਰਾਤ ਸਮੇਂ ਅਚਾਨਕ ਸਪਲਾਈ ਠੱਪ ਹੋ ਜਾਂਦੀ ਹੈ। ਕਈ ਵਾਰ ਘੰਟਿਆਂ ਤੱਕ ਬਿਜਲੀ ਨਾ ਆਉਣ ਕਾਰਨ ਘਰੇਲੂ ਕੰਮਕਾਜ ਪ੍ਰਭਾਵਿਤ ਹੁੰਦਾ ਹੈ। ਲੋਕਾਂ ਦਾ ਦੋਸ਼ ਹੈ ਕਿ ਪਾਵਰਕੌਮ ਵੱਲੋਂ ਨਾ ਤਾਂ ਬਿਜਲੀ ਕੱਟਾਂ ਬਾਰੇ ਕੋਈ ਅਗਾਊਂ ਸੂਚਨਾ ਦਿੱਤੀ ਜਾਂਦੀ ਹੈ ਅਤੇ ਨਾ ਹੀ ਸ਼ਿਕਾਇਤ ਕਰਨ ’ਤੇ ਸਪਲਾਈ ਬਹਾਲ ਹੋਣ ਦਾ ਸਪੱਸ਼ਟ ਸਮਾਂ ਦੱਸਿਆ ਜਾਂਦਾ ਹੈ। ਇਸ ਕਾਰਨ ਖਪਤਕਾਰਾਂ ਨੂੰ ਇਹ ਵੀ ਪਤਾ ਨਹੀਂ ਲੱਗਦਾ ਕਿ ਬਿਜਲੀ ਤਕਨੀਕੀ ਨੁਕਸ ਕਾਰਨ ਬੰਦ ਹੋਈ ਹੈ ਜਾਂ ਮੁਰੰਮਤ ਦੇ ਕੰਮ ਲਈ। ਬਿਜਲੀ ਕੱਟਾਂ ਦਾ ਸਭ ਤੋਂ ਵੱਧ ਅਸਰ ਉੱਚੀਆਂ ਇਮਾਰਤਾਂ ਅਤੇ ਰਿਹਾਇਸ਼ੀ ਸੁਸਾਇਟੀਆਂ ਵਿੱਚ ਰਹਿਣ ਵਾਲੇ ਪਰਿਵਾਰਾਂ ’ਤੇ ਪੈ ਰਿਹਾ ਹੈ। ਬਿਜਲੀ ਨਾ ਹੋਣ ਕਾਰਨ ਪਾਣੀ ਦੀਆਂ ਮੋਟਰਾਂ ਨਹੀਂ ਚੱਲਦੀਆਂ, ਜਿਸ ਨਾਲ ਉੱਪਰਲੀਆਂ ਮੰਜ਼ਿਲਾਂ ਤੱਕ ਪਾਣੀ ਪਹੁੰਚਾਉਣਾ ਮੁਸ਼ਕਲ ਹੋ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਬਿਜਲੀ ਬੰਦ ਰਹਿੰਦੀ ਹੈ ਅਤੇ ਦੂਜੇ ਪਾਸੇ ਪਾਣੀ ਦੀ ਕਿੱਲਤ ਕਾਰਨ ਘਰੇਲੂ ਕੰਮਕਾਜ ਪ੍ਰਭਾਵਿਤ ਹੁੰਦਾ ਹੈ। ਲੰਬੇ ਕੱਟਾਂ ਕਾਰਨ ਬੱਚਿਆਂ ਦੀ ਪੜ੍ਹਾਈ ਅਤੇ ਬਜ਼ੁਰਗਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।
ਸਮੱਸਿਆ ਦਾ ਜਲਦੀ ਹੱਲ ਨਾ ਕਰਨ ’ਤੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ
ਇਲਾਕਾ ਨਿਵਾਸੀਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਅਣਐਲਾਨੇ ਕੱਟਾਂ ਦੇ ਕਾਰਨਾਂ ਦੀ ਜਾਂਚ ਕਰਵਾਉਣ ਅਤੇ ਮੁਰੰਮਤ ਤੋਂ ਪਹਿਲਾਂ ਖਪਤਕਾਰਾਂ ਨੂੰ ਸੂਚਿਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਪਾਵਰਕੌਮ ਦੇ ਐੱਸ. ਡੀ. ਓ. ਰਾਜੀਵ ਭਾਟੀਆ ਨੇ ਕਿਹਾ ਕਿ ਸਬੰਧਿਤ ਖੇਤਰ ’ਚ ਕਿਸੇ ਤਕਨੀਕੀ ਨੁਕਸ ਕਾਰਨ ਬਿਜਲੀ ਦਾ ਕੱਟ ਲੱਗਿਆ ਹੋ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਲੰਬੇ ਸਮੇਂ ਦੀ ਮੁਰੰਮਤ ਸ਼ੁਰੂ ਕਰਨ ਤੋਂ ਪਹਿਲਾਂ ਖ਼ਪਤਕਾਰਾਂ ਨੂੰ ਅਗਾਊਂ ਸੂਚਨਾ ਦਿੱਤੀ ਜਾਵੇ, ਤਾਂ ਜੋ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


author

Babita

Content Editor

Related News