PPSB ਵੱਲੋਂ ਪਲਾਸਟਿਕ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ 5 ਫੈਕਟਰੀਆਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ
Monday, Sep 19, 2022 - 10:56 PM (IST)
ਲੁਧਿਆਣਾ (ਬਿਊਰੋ) : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਦੇ ਮੁੱਖ ਵਾਤਾਵਰਣ ਇੰਜੀਨੀਅਰ ਗੁਲਸ਼ਨ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬੋਰਡ ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਚੈਕਿੰਗ ਦੌਰਾਨ 5 ਫੈਕਟਰੀਆਂ ਗ਼ੈਰ-ਕਾਨੂੰਨੀ ਤੌਰ ’ਤੇ ਪਲਾਸਟਿਕ ਦੇ ਲਿਫਾਫੇ ਬਣਾਉਂਦੀਆਂ ਪਾਈਆਂ ਗਈਆਂ। ਇਨ੍ਹਾਂ ਫੈਕਟਰੀਆਂ ਵਿਰੁੱਧ ਕਾਰਵਾਈ ਕਰਦਿਆਂ ਬੋਰਡ ਵੱਲੋਂ ਇਨ੍ਹਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਨ੍ਹਾਂ ਇਕਾਈਆਂ ਦੇ ਬਿਜਲੀ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਰ ਇਕਾਈ ’ਤੇ 2 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਵੀ ਲਗਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਇਨ੍ਹਾਂ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।
ਇਹ ਵੀ ਪੜ੍ਹੋ : PPSB ਵੱਲੋਂ ਪਲਾਸਟਿਕ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ 5 ਫੈਕਟਰੀਆਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ
ਭਾਰਤ ਸਰਕਾਰ ਦੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਵੀ ਇਕ ਵਾਰੀ ਵਰਤੋਂ ’ਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤੂਆਂ ’ਤੇ ਪਹਿਲੀ ਜੁਲਾਈ, 2022 ਤੋਂ ਮੁਕੰਮਲ ਰੋਕ ਲਗਾਈ ਹੋਈ ਹੈ। ਇਸ ਸਬੰਧੀ ਲੋਕਾਂ ’ਚ ਚੇਤੰਨਤਾਂ ਪੈਦਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਮੇਂ-ਸਮੇਂ ਉੱਤੇ ਸੈਮੀਨਾਰ ਕੀਤੇ ਜਾਂਦੇ ਹਨ, ਜਿਸ ’ਚ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਮੰਤਰੀ, ਸਾਇੰਸ ਤਕਨੀਕ ਅਤੇ ਵਾਤਾਵਰਣ ਵਿਭਾਗ ਸਮੇਤ ਮਹਿਕਮੇ ਦੇ ਸਕੱਤਰ, ਬੋਰਡ ਦੇ ਚੈਅਰਮੇਨ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਵੀ ਸ਼ਿਰਕਤ ਕੀਤੀ ਜਾਂਦੀ ਰਹੀ ਹੈ। ਮੁੱਖ ਵਾਤਾਵਰਣ ਇੰਜੀਨੀਅਰ ਗੁਲਸ਼ਨ ਰਾਏ ਵੱਲੋਂ ਦੱਸਿਆ ਗਿਆ ਭਵਿੱਖ ’ਚ ਵੀ ਵੱਖ-ਵੱਖ ਉਦਯੋਗਿਕ ਇਕਾਈਆਂ ਦੀ ਚੈਕਿੰਗ ਜਾਰੀ ਰਹੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਫੈਕਟਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।