ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ ਮੈਗਾ ਕੈਂਪ ਆਯੋਜਿਤ
Tuesday, Jun 09, 2026 - 02:55 PM (IST)
ਫਿਰੋਜ਼ਪੁਰ (ਸੋਨੂੰ ਚੋਪੜਾ) : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਲਈ ਜ਼ਿਲ੍ਹਾ ਪੱਧਰੀ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਕਸਦ ਗਰਭਵਤੀ ਔਰਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ (ਡਿਲੀਵਰੀ) ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੈਗਾ ਕੈਂਪ 'ਚ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰੱਕਤ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ, ਡਾ ਰੇਖਾ ਭੱਟੀ, ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ. ਆਈ. ਸਮੇਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੀ ਮੌਜੂਦ ਸਨ।
ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਕੈਂਪ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਗਰਭਵਤੀ ਔਰਤਾਂ ਨਾਲ ਗੱਲਬਾਤ ਕੀਤੀ ਗਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੈਗਾ ਕੈਂਪ 'ਚ ਆਈਆਂ ਗਰਭਵਤੀ ਔਰਤਾਂ ਦਾ ਚੈੱਕਅਪ, ਮੁਫ਼ਤ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਦਿਤੀਆਂ ਗਈਆਂ। ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਇਸ ਦੌਰਾਨ ਗਰਭਵਤੀ ਔਰਤਾਂ ’ਤੇ ਇਲਾਕਾ ਨਿਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕਤ ਕੀਤਾ ਗਿਆ।
ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ, ਪੋਸ਼ਣ ਅਤੇ ਹਸਪਤਾਲ 'ਚ ਜਣੇਪਾ ਕਰਵਾਉਣ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਿਵਲ ਸਰਜਨ ਅਤੇ ਐੱਸ. ਐੱਮ. ਓ. ਨੇ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭ ਅਵਸਥਾ ਦੌਰਾਨ ਨਿਯਮਤ ਚੈੱਕਅਪ ਮਾਂ ਅਤੇ ਬੱਚੇ ਦੋਵਾਂ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਸਰਕਾਰ ਦੀ ਇਸ ਯੋਜਨਾ ਦਾ ਮਕਸਦ ਹਰ ਮਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਮਾਤ੍ਰਿਤਵ ਦਾ ਅਧਿਕਾਰ ਦੇਣਾ ਹੈ। ਉਨ੍ਹਾਂ ਗਰਭਵਤੀ ਔਰਤਾਂ ਅਤੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਜਣੇਪਾ ਸਰਕਾਰੀ ਹਸਪਤਾਲਾਂ 'ਚ ਕਰਵਾਇਆ ਜਾਵੇ ਤਾਂ ਜੋ ਜੱਚਾ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਇਸ ਮੌਕੇ ਜਸਵਿੰਦਰ ਸਿੰਘ ਫਾਰਮੇਸੀ ਅਫ਼ਸਰ, ਜਮੁਨਾ ਸਟਾਫ਼ ਨਰਸ, ਰਿੰਪਲ ਐਲ. ਐਚ. ਵੀ, ਮਹਿੰਦਰਪਾਲ ਸਮੇਤ ਸਮੂਹ ਸਿਹਤ ਸਟਾਫ ਹਾਜ਼ਰ ਸੀ।
