ਪ੍ਰਕਾਸ਼ ਪੁਰਬ ਸਮਾਗਮਾਂ ਲਈ ਮੁੱਖ ਮੰਤਰੀ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ

11/20/2018 10:49:18 AM

ਅੰਮ੍ਰਿਤਸਰ (ਦੀਪਕ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ  ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ  ਦੇ ਸਮਾਗਮ  'ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ 'ਤੇ ਮਿਲ ਕੇ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ  ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਲ-ਮਿਲ ਕੇ ਕੀਤੇ ਜਾਣ ਤੇ ਇਸ 'ਚ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ।

ਸ਼੍ਰੋਮਣੀ  ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ  ਦੱਸਿਆ ਕਿ  ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਤੋਂ  ਕੀਤੀ ਜਾ ਰਹੀ ਹੈ ਜਿਸ ਤਹਿਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ  ਲੋਧੀ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।  ਮੁੱਖ ਮੰਤਰੀ ਨੂੰ ਸੱਦਾ ਦੇਣ ਸਮੇਂ ਭਾਈ ਲੌਂਗੋਵਾਲ ਨਾਲ ਸੀਨੀਅਰ ਮੀਤ ਪ੍ਰਧਾਨ  ਰਘੂਜੀਤ ਸਿੰਘ ਵਿਰਕ, ਸਕੱਤਰ  ਅਵਤਾਰ ਸਿੰਘ ਸੈਂਪਲਾ ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਮੌਜੂਦ ਸਨ।

Shyna

This news is Content Editor Shyna