ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ
Wednesday, Jan 17, 2024 - 02:12 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਕੁਲਦੀਪ ਰਿਣੀ) - ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਸੰਗਤ ਵੱਲੋਂ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਈਆਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ।
ਇਸ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਰਾਗੀ, ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਦਿਆ ਭਾਈ ਜਗਬੀਰ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਖਾਤਰ ਆਪਣਾ ਸਰਬੰਸ ਵਾਰਿਆਂ। ਅੱਜ ਸਮੇਂ ਦੀ ਲੋੜ ਹੈ, ਅਸੀਂ ਉਹਨਾਂ ਦੁਆਰਾ ਦਿੱਤੀਆਂ ਸਿੱਖਿਆਵਾਂ 'ਤੇ ਚੱਲੀਏ।
ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰਾ ਦਿਨ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਚੱਲਣਗੇ। ਇਸ ਦੌਰਾਨ ਰਾਗੀ, ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਣਗੇ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਉਹ ਸਥਾਨ ਹੈ, ਜਿਸ ਜਗ੍ਹਾ 'ਤੇ ਗੁਰੂ ਗੋਬਿੰਦ ਸਿੰਘ ਜੀ ਨੇ ਜ਼ਾਲਮ ਮੁਗਲ ਹਕੂਮਤ ਵਿਰੁੱਧ ਆਪਣੀ ਆਖਰੀ ਅਤੇ ਫ਼ੈਸਲਾਕੁੰਨ ਲੜਾਈ ਲੜ੍ਹੀ ਅਤੇ ਜਿੱਤ ਹਾਸਿਲ ਕੀਤੀ ਸੀ। ਪ੍ਰਕਾਸ਼ ਪੁਰਬ ਸਬੰਧੀ ਅੱਜ ਸਵੇਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤ ਨਤਮਸਤਕ ਹੋਣ ਲਈ ਪਹੁੰਚੀ ਹੋਈ ਸੀ। ਸੰਗਤ ਲਈ ਜਗ੍ਹਾ ਜਗ੍ਹਾ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਭਾਈ ਰੇਸ਼ਮ ਸਿੰਘ ਮੈਨੇਜਰ, ਸੁਖਦੇਵ ਸਿੰਘ ਮੀਤ ਮੈਨੇਜਰ ਆਦਿ ਹਾਜ਼ਰ ਸਨ ।