ਪ੍ਰਨੀਤ ਕੌਰ ਨੇ ਕੀਤਾ ਵੱਡਾ ਐਲਾਨ, ਲੋਕ ਸਭਾ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਹੋਣਗੇ ਸ਼ਾਮਲ
Wednesday, Feb 14, 2024 - 09:28 PM (IST)
ਪਟਿਆਲਾ (ਰਾਜੇਸ਼ ਪੰਜੌਲਾ) - ਕਾਂਗਰਸ ਪਾਰਟੀ ਤੋਂ ਲੰਬੇ ਸਮੇਂ ਤੋਂ ਸਸਪੈਂਡ ਚੱਲ ਰਹੇ ਪਟਿਆਲਾ ਦੇ ਐੱਮ. ਪੀ. ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਜਲਦੀ ਹੀ ਲੋਕ ਸਭਾ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਦਾ ਐਲਾਨ ਉਨ੍ਹਾਂ ਖੁੱਦ ਪਟਿਆਲਾ ਵਿਖੇ ਹੋਏ ਭਾਜਪਾ ਬੂਥ ਸੰਮੇਲਨ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਕੀਤਾ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਸਰਵਪੱਖੀ ਵਿਕਾਸ ਕਰ ਰਿਹਾ ਹੈ। ਦੇਸ਼ ਅਤੇ ਪੰਜਾਬ ਦੇ ਹਿੱਤ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।
ਇਸ ਮੌਕੇ ਪੰਜਾਬ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ, ਪ੍ਰਵੀਨ ਬਾਂਸਲ, ਅਨਿਲ ਸਰੀਨ ਅਤੇ ਹੋਰ ਕਈ ਆਗੂ ਹਾਜ਼ਰ ਸਨ। ਜਿਸ ਸਮੇਂ ਕਾਂਗਰਸ ਪਾਰਟੀ ਨੇ ਕੈ. ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਸੀ, ਉਸ ਸਮੇਂ ਤੋਂ ਹੀ ਪ੍ਰਨੀਤ ਕੌਰ ਨੇ ਬੇਸ਼ੱਕ ਕਾਂਗਰਸ ਨਾਲ ਕਿਨਾਰਾ ਕੀਤਾ ਹੋਇਆ ਹੈ ਪਰ ਟੈਕਨੀਕਲ ਤੌਰ ’ਤੇ ਉਹ ਅਜੇ ਤੱਕ ਕਾਂਗਰਸ ਪਾਰਟੀ ਦੇ ਹੀ ਐੱਮ. ਪੀ. ਹਨ। ਜੇਕਰ ਉਹ ਭਾਜਪਾ ਵਿੱਚ ਸ਼ਾਮਲ ਹੁੰਦੇ ਤਾਂ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਜਾ ਸਕਦੀ ਸੀ। ਹੁਣ ਕਿਉਂਕਿ ਲੋਕ ਸਭਾ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਉਹ ਸਮਾਂ ਆ ਗਿਆ ਹੈ ਜਦੋਂ ਉਹ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਜਾਣ। ਇਸ ਤੋਂ ਪਹਿਲਾਂ ਕਈ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪ੍ਰਨੀਤ ਕੌਰ ’ਤੇ ਕਈ ਤਿੱਖੇ ਹਮਲੇ ਕਰ ਚੁੱਕੇ ਹਨ ਅਤੇ ਸਪਸ਼ਟ ਕਰ ਚੁੱਕੇ ਹਨ ਕਿ ਪ੍ਰਨੀਤ ਕੌਰ ਲਈ ਕਾਂਗਰਸ ਦੇ ਦਰਵਾਜੇ ਬੰਦ ਹੋ ਚੁੱਕੇ ਹਨ। ਸੂਤਰਾਂ ਅਨੁਸਾਰ ਪ੍ਰਨੀਤ ਕੌਰ ਜਲਦੀ ਹੀ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਸੂਤਰਾਂ ਅਨੁਸਾਰ 14 ਫਰਵਰੀ ਨੂੰ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣਾ ਸੀ ਪਰ ਕਿਸਾਨ ਅੰਦੋਲਨ ਕਾਰਨ ਹੁਣ ਕੁੱਝ ਸਮਾਂ ਲੱਗ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e