ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

Tuesday, Nov 08, 2022 - 05:12 AM (IST)

ਪਟਿਆਲਾ (ਰਾਜੇਸ਼ ਪੰਜੌਲਾ)-ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗਾ ਰਿਲੀਜ਼

ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੋਣ ਲਈ ਆਉਂਦੇ ਹਨ। ਕੋਵਿਡ-19 ਮਹਾਮਾਰੀ ਤੋਂ ਪਹਿਲਾਂ ਪੰਜਾਬ ਤੋਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਉਪਲੱਬਧ ਸਨ ਪਰ ਕੋਵਿਡ ਖਤਮ ਹੋਣ ਤੋਂ ਬਾਅਦ ਹੁਣ ਦੇਸ਼ ’ਚ ਜ਼ਿਆਦਾਤਰ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਸ਼ਰਧਾਲੂਆਂ, ਖ਼ਾਸ ਕਰ ਕੇ ਬਜ਼ੁਰਗਾਂ, ਮਰੀਜ਼ਾਂ ਅਤੇ ਸਰੀਰਕ ਤੌਰ ’ਤੇ ਅਪਾਹਿਜ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣ ’ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦਿਨ ’ਚ ਘੱਟੋ-ਘੱਟ ਇਕ ਵਾਰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹਜ਼ੂਰ ਸਾਹਿਬ, ਨਾਂਦੇੜ ਨੂੰ ਸਿੱਧੀਆਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਰਧਾਲੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰ ਸਕਣ। ਉਨ੍ਹਾਂ ਨੇ 29 ਦਸੰਬਰ ਨੂੰ ਆਉਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਆਗਾਮੀ ਗੁਰਪੁਰਬ ਲਈ ਯਾਤਰਾ ਲਈ ਇਹ ਉਡਾਣਾਂ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ।


Manoj

Content Editor

Related News