ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਮੰਗਿਆ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ

12/02/2022 7:00:25 PM

ਚੰਡੀਗੜ੍ਹ (ਬਿਊਰੋ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ’ਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾਂ ਤਾਂ ਆਪਣੇ ਵਚਨਾਂ ’ਤੇ ਰਹਿਣ ਅਤੇ ਜਾਂ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ । ਬਾਜਵਾ ਨੇ ਕਿਹਾ ਕਿ ਸੰਧਵਾਂ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣੀ ਚਾਹੀਦੀ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ, ‘‘14 ਅਕਤੂਬਰ ਨੂੰ ਕਥਿਤ ਪੁਲਸ ਗੋਲੀਬਾਰੀ ਦੀ ਘਟਨਾ ਦੀ ਸੱਤਵੀਂ ਬਰਸੀ, ਜਿਸ ’ਚ ਦੋ ਸਿੱਖ ਕਥਿਤ ਤੌਰ ’ਤੇ ਮਾਰੇ ਗਏ ਸਨ, ਸੰਧਵਾਂ ਨੇ ਇਨਸਾਫ਼ ਦਿਵਾਉਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹੁਣ ਇਹ ਸਮਾਂ ਹੱਦ ਖ਼ਤਮ ਹੋਏ ਨੂੰ ਦੋ ਦਿਨ ਹੋ ਗਏ ਹਨ ਅਤੇ ਸੰਧਵਾਂ ਨੇ ਅਜੇ ਤੱਕ ਕੁਝ ਨਹੀਂ ਦੱਸਿਆ ਕਿ ਉਹ ਕਿਹੜਾ ਰਸਤਾ ਅਪਣਾਉਣ ਜਾ ਰਹੇ ਹਨ।’’

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਜ਼ਿਕਰਯੋਗ ਹੈ ਕਿ ਸਪੀਕਰ ਨੇ 30 ਨਵੰਬਰ ਤੱਕ ਇਨਸਾਫ਼ ਦਿਵਾਉਣ ਦਾ ਐਲਾਨ ਕੀਤਾ ਸੀ, ਜਿਸ ’ਚ ਅਸਫ਼ਲ ਰਹਿਣ ’ਤੇ ਉਨ੍ਹਾਂ ਅਸਤੀਫ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਸੀ। ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ’ਚ ਫੜ ਕੇ ਸਹੁੰ ਚੁੱਕੀ ਅਤੇ ਨਸ਼ਾ ਮਾਫ਼ੀਆ ਦੀ ਕਮਰ ਤੋੜਨ ਦਾ ਐਲਾਨ ਕੀਤਾ ਹੈ। ਉਹ ਅਜਿਹਾ ਕਰਨ ’ਚ ਅਸਫ਼ਲ ਰਿਹਾ ਅਤੇ ਹੁਣ ਉਸ ਨੂੰ ਪੰਜਾਬ ਦੇ ਲੋਕਾਂ ਨੇ ਛੱਡ ਦਿੱਤਾ ਹੈ। ਬਾਜਵਾ ਨੇ ਕਿਹਾ "ਇੱਕ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਅਤੇ ਸਿੱਖ ਸੰਗਤ ਦੀ ਹਾਜ਼ਰੀ ’ਚ ਸੰਧਵਾਂ ਨੇ ਕਥਿਤ ਪੁਲਸ ਗੋਲੀਬਾਰੀ ਦੀ ਘਟਨਾ 'ਤੇ ਇਨਸਾਫ਼ ਦਿਵਾਉਣ ਲਈ ਇਕ ਮਹੀਨੇ ਤੋਂ ਡੇਢ ਮਹੀਨੇ ਤੱਕ ਦਾ ਸਮਾਂ ਮੰਗਿਆ ਸੀ ਕਿਉਂਕਿ ਇਹ ਸਮਾਂ ਹੱਦ ਖ਼ਤਮ ਹੋ ਗਈ ਹੈ, ਹੁਣ ਇਹ ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਅੱਗੇ ਕੀ ਕਰਨਾ ਹੈ।" ਉਨ੍ਹਾਂ ਅੱਗੇ ਕਿਹਾ ਕਿ 'ਆਪ' ਵਿਧਾਇਕ ਅਤੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਆਪਣੀ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਬੇਅਦਬੀ ਅਤੇ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਬਹਿਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਵੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਦੇਣਾ ਭਗਵੰਤ ਮਾਨ ਸਰਕਾਰ ਦੀ ਤਰਜੀਹ : ਕੁਲਦੀਪ ਧਾਲੀਵਾਲ


Manoj

Content Editor

Related News