‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਪ੍ਰਤਾਪ ਬਾਜਵਾ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਸੁਰੱਖਿਆ ਦੇ ਕਰੇ ਪੁਖਤਾ ਪ੍ਰਬੰਧ
Saturday, Dec 31, 2022 - 04:25 AM (IST)
ਬਟਾਲਾ (ਵਿਪਨ, ਬੇਰੀ, ਗੁਰਪ੍ਰੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ਜਿੱਥੇ ਦੇਸ਼ ਵਾਸੀਆਂ ਦਾ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਥੇ ਹੀ ਕੁਝ ਸਮਾਜ ਵਿਰੋਧੀ ਅਨਸਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਵੱਲੋਂ ਇਸ ਯਾਤਰਾ ’ਚ ਵਿਘਨ ਪਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ਅਤੇ ਯਾਤਰਾ ਦੌਰਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਸਮਰਥਕਾਂ ਦੀ ਸੁਰੱਖਿਆ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਸ਼ੁੱਕਰਵਾਰ ਸਥਾਨਕ ਕਾਂਗਰਸ ਭਵਨ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ।
ਇਹ ਵੀ ਪੜ੍ਹੋ : ਰਿਸ਼ਭ ਪੰਤ ਤੇ ਉਨ੍ਹਾਂ ਦੇ ਪਰਿਵਾਰ ਲਈ ਉਰਵਸ਼ੀ ਰੌਟੇਲਾ ਦਾ ਇਹ ਟਵੀਟ ਜਿੱਤ ਰਿਹਾ ਹੈ ਪ੍ਰਸ਼ੰਸਕਾਂ ਦਾ ਦਿਲ
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਦੇਸ਼ ਵਾਸੀਆਂ ਨੂੰ ਪਿਆਰ ਅਤੇ ਏਕਤਾ ਦਾ ਸੰਦੇਸ਼ ਦੇਣ ਲਈ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ। ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸਾਹ ਨੂੰ ਪੱਤਰ ਵੀ ਲਿਖਿਆ ਗਿਆ ਸੀ, ਜਿਸ ਵਿੱਚ ਪਾਰਟੀ ਹਾਈਕਮਾਂਡ ਵੱਲੋਂ ਭਾਰਤ ਜੋੜੋ ਯਾਤਰਾ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਪਹੁੰਚਣ ’ਤੇ ਉੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਇਸ ਯਾਤਰਾ ਵਿਰੁੱਧ ਬਿਆਨਬਾਜ਼ੀ ਵੀ ਕੀਤੀ ਜਾ ਰਹੀ ਹੈ, ਜਿਸ ਨੂੰ ਮੁੱਖ ਰੱਖਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸੁਰੱਖਿਆ ਵਿਵਸਥਾ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਕੋਈ ਸਮਾਜ ਵਿਰੋਧੀ ਅਨਸਰ ਯਾਤਰਾ ’ਚ ਵਿਘਨ ਨਾ ਪਾ ਸਕੇ।
ਇਹ ਵੀ ਪੜ੍ਹੋ : ਕਪੂਰਥਲਾ 'ਚ ਨਵਜੰਮੇ ਬੱਚੇ ਦੀ ਲਾਸ਼ ਮਿਲਣ 'ਤੇ ਫੈਲੀ ਦਹਿਸ਼ਤ, ਕਾਂਜਲੀ ਵੇਈਂ ’ਤੇ ਤੈਰ ਰਿਹਾ ਸੀ ਬੱਚਾ
ਬਾਜਵਾ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ 'ਚ ਦਾਖਲ ਹੋਵੇਗੀ, ਜੋ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਹੁੰਦੀ ਹੋਈ ਕਰੀਬ 9 ਦਿਨ ਪੰਜਾਬ 'ਚ ਰਹੇਗੀ ਤੇ ਅਖੀਰ ਪਠਾਨਕੋਟ 'ਚ ਵੱਡੀ ਰੈਲੀ ਹੋਵੇਗੀ ਤੇ 26 ਜਨਵਰੀ ਨੂੰ ਸ਼੍ਰੀਨਗਰ ਦੇ ਲਾਲ ਚੌਕ 'ਚ ਤਿਰੰਗਾ ਲਹਿਰਾਇਆ ਜਾਵੇਗਾ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਜੋ ਰੈਲੀ ਪੰਜਾਬ 'ਚ ਹੋਵੇਗੀ ਉਹ ਇਤਿਹਾਸਕ ਹੋਵੇਗੀ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਜੋਗਿੰਦਰ ਪਾਲ ਆਦਿ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।