ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਣੇ ਤਿੰਨ ਗੰਭੀਰ ਮੁੱਦਿਆਂ ’ਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’ ਸਰਕਾਰ
Saturday, Sep 03, 2022 - 07:46 PM (IST)
ਗੁਰਦਾਸਪੁਰ (ਜੀਤ ਮਠਾਰੂ)-ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਨਾਲ ਸਬੰਧਿਤ ਤਿੰਨ ਅਹਿਮ ਮੁੱਦਿਆਂ ’ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਇਸ ਤਹਿਤ ਬਾਜਵਾ ਨੇ ਬੇਰਹਿਮੀ ਨਾਲ ਕਤਲ ਕੀਤੇ ਗਏ ਸ਼ੁਭਦੀਪ ਸਿੰਘ ਸਿੱਧੂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਗੈਂਗਸਟਰਾਂ ਵੱਲੋਂ ਇਕ ਈਮੇਲ ਮਿਲੀ ਹੈ, ਜਿਸ ’ਚ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਹ ਆਪਣੇ ਕਤਲ ਕੀਤੇ ਪੁੱਤਰ ਲਈ ਇਨਸਾਫ਼ ਮੰਗਦਾ ਰਿਹਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਹ ਧਮਕੀਆਂ ਸਿੱਧ ਕਰ ਰਹੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਕੀਤੇ ਗਏ ਵੱਡੇ-ਵੱਡੇ ਦਾਅਵੇ ਖੋਖਲੇ ਹਨ।
ਇਹ ਖ਼ਬਰ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਦਾਅਵਾ, 25 ਲੱਖ ਪਰਿਵਾਰਾਂ ਦਾ ਬਿੱਲ ਆਇਆ ‘ਜ਼ੀਰੋ’
ਉਨ੍ਹਾਂ ਕਿਹਾ ਕਿ ਗੈਂਗਸਟਰ ਅਜੇ ਵੀ ਪੰਜਾਬ ’ਚ ਸੂਬੇ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਦੇ ਮਾਮਲੇ ’ਚ ਬੁਰੀ ਤਰ੍ਹਾਂ ਅਸਫ਼ਲ ਹੈ। ਇਸੇ ਤਰ੍ਹਾਂ ਬਾਜਵਾ ਨੇ ਡੀ. ਜੀ. ਪੀ. ਵੀਰੇਸ਼ ਕੁਮਾਰ ਭਾਵਰਾ ਦੀ ਤਾਇਨਾਤੀ ਅਤੇ ਨਿਯੁਕਤੀ ਨੂੰ ਲੈ ਕੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਸਰਕਾਰ ਦੀ ਅਸਫ਼ਲਤਾ ਕਾਰਨ ਸੂਬੇ ਦੀ ਫੋਰਸ ’ਚ ਭੰਬਲਭੂਸਾ ਅਤੇ ਗ਼ਲਤ ਸੰਕੇਤ ਮਿਲ ਰਹੇ ਹਨ। ਉਨ੍ਹਾਂ ਮੀਡੀਆ ’ਚ ਛਪੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਡੀ.ਜੀ.ਪੀ. ਭਾਵਰਾ ਨੂੰ ਨੋਟਿਸ ਭੇਜਣ ਦੀ ਕੀ ਲੋੜ ਸੀ, ਜਿਸ ਨਾਲ ਸੂਬੇ ਦੇ ਪੁਲਸ ਮੁਖੀ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲੀਆ ਨਿਸ਼ਾਨ ਲੱਗਦੇ ਹਨ।
ਇਕ ਹੋਰ ਬਿਆਨ ਰਾਹੀਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੇ ਵਤੀਰੇ ਅਤੇ ਦੁੱਖਾਂ ’ਤੇ ਚੁੱਪੀ ਕਈ ਸਵਾਲ ਪੈਦਾ ਕਰਦੀ ਹੈ। ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਗਰੇਵਾਲ ਨੂੰ ਆਪਣੇ ਵਿਧਾਇਕ ਪਤੀ ਵੱਲੋਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ। ਹੁਣ ਤਲਵੰਡੀ ਸਾਬੋ ਤੋਂ ‘ਆਪ’ ਦੀ ਦੋ ਵਾਰ ਵਿਧਾਇਕਾ ਰਹੀ ਪ੍ਰੋ. ਬਲਜਿੰਦਰ ਕੌਰ ਨੂੰ ਉਸ ਦੇ ਹੀ ਪਤੀ ਵੱਲੋਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਮੌਕੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਬਾਜਵਾ ਨੇ ਕਿਹਾ ਕਿ ਉਪਰੋਕਤ ਦੋਵਾਂ ਅਹਿਮ ਮੁੱਦਿਆਂ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਦੀ ਚੁੱਪ ਹੈਰਾਨ ਕਰਨ ਵਾਲੀ ਹੈ। ਬਾਜਵਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਹਰੇ ਮਾਪਦੰਡ ਅਪਣਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਵਿੱਤ ਵਿਭਾਗ ਨੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ