ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਲਈ ਕੀਤੀ ਵਿਸ਼ੇਸ਼ ਮੰਗ
Thursday, May 15, 2025 - 10:54 AM (IST)

ਜਲੰਧਰ (ਚੋਪੜਾ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਪ੍ਰਤਾਪ ਬਾਜਵਾ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ 1947 ਤੋਂ ਲੈ ਕੇ 1965-71 ਦੀ ਜੰਗ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਪੰਜਾਬ ਨੂੰ ਝੱਲਣਾ ਪਿਆ ਹੈ। ਹਾਲ ਹੀ ਵਿਚ ਹੋਈ ਭਾਰਤ-ਪਾਕਿ ਜੰਗ ਕਾਰਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਆਮ ਜਨਜੀਵਨ ਅਤੇ ਆਰਥਿਕਤਾ ’ਤੇ ਬੁਰਾ ਅਸਰ ਪਿਆ ਹੈ। ਪ੍ਰਤਾਪ ਬਾਜਵਾ ਨੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਇਥੋਂ ਦੇ ਲੋਕ ਅੱਤਵਾਦ, ਪਲਾਇਨ ਅਤੇ ਆਰਥਿਕ ਅਸਥਿਰਤਾ ਨਾਲ ਜੂਝ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ
ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੀ ਆਬਾਦੀ ਲਗਭਗ 50 ਲੱਖ ਹੈ ਅਤੇ ਇਹ ਜ਼ਿਲ੍ਹੇ ਪੰਜਾਬ ਦੀ ਖੇਤੀਬਾੜੀ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਪਰ ਉਦਯੋਗਾਂ ਦੀ ਘਾਟ ਅਤੇ ਸੀਮਤ ਨਿਵੇਸ਼ ਕਾਰਨ ਇਥੇ ਰੁਜ਼ਗਾਰ ਦੇ ਕੋਈ ਮੌਕੇ ਨਹੀਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਕੇਂਦਰ ਦੀ ਵਾਜਪਾਈ ਸਰਕਾਰ ਨੇ 2003 ਤੋਂ 2013 ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹੋਰ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਦਰਜਾ ਦੇ ਕੇ ਟੈਕਸ ਛੋਟ ਦਿੱਤੀ ਸੀ, ਉਸੇ ਤਰ੍ਹਾਂ ਪੰਜਾਬ ਦੇ ਇਨ੍ਹਾਂ ਸਰਹੱਦੀ ਇਲਾਕਿਆਂ ਨੂੰ ਵੀ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਵੇ। ਇਸ ਨਾਲ ਜਿੱਥੇ ਕੰਪਨੀਆਂ ਪੰਜਾਬ ਵਿਚ ਉਦਯੋਗ ਲਗਾਉਣ ਲਈ ਅੱਗੇ ਆਉਣਗੀਆਂ, ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਗੋਲ਼ੀਆਂ, ਪੁਲਸ ਨੇ ਕੀਤਾ ਐਨਕਾਊਂਟਰ
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਨਾਲ ਪੰਜਾਬ ਦੇ ਉਦਯੋਗਾਂ ਦਾ ਪਲਾਇਨ ਹੋਇਆ, ਜਿਸ ਨਾਲ ਸੂਬੇ ਨੂੰ 13,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਡਲ ਨੂੰ ਪੰਜਾਬ ਵਿਚ ਅਪਣਾਇਆ ਜਾਵੇ ਤਾਂ ਸਰਹੱਦੀ ਜ਼ਿਲਿਆਂ ਦੀ ਆਰਥਿਕ ਹਾਲਤ ਵਿਚ ਸੁਧਾਰ ਹੋ ਸਕਦਾ ਹੈ।
ਪ੍ਰਤਾਪ ਬਾਜਵਾ ਨੇ ਵਿਲੇਜ਼ ਡਿਫੈਂਸ ਕਮੇਟੀਆਂ (ਵੀ. ਡੀ. ਸੀ.) ਦੀ ਵਕਾਲਤ ਕਰਦੇ ਹੋਏ ਸੁਰੱਖਿਆ ਨੂੰ ਮਜਬੂਤ ਕਰਨ ਲਈ ਸਰਹੱਦੀ ਖੇਤਰਾਂ ਵਿਚ ਵੀ. ਡੀ. ਸੀ. ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਦੇ 5 ਕਿਲੋਮੀਟਰ ਦੇ ਘੇਰੇ ਵਿਚ ਆਉਣ ਵਾਲੇ ਲਗਭਗ 1950 ਪਿੰਡਾਂ ਵਿਚ ਨੌਜਵਾਨਾਂ ਨੂੰ ਸ਼ਾਮਲ ਕਰਕੇ ਵੀ. ਡੀ. ਸੀ. ਬਣਾਈਆਂ ਜਾਣ, ਜਿਨ੍ਹਾਂ ਵਿਚ 18 ਤੋਂ 35 ਸਾਲ ਦੇ ਲਗਭਗ 40,000 ਨੌਜਵਾਨਾਂ ਨੂੰ ਪੁਲਸ ਅਤੇ ਨੀਮ ਫ਼ੌਜੀ ਬਲਾਂ ਨਾਲ ਕੰਮ ਕਰਨ ਲਈ ਮੁੱਢਲੇ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇ। ਇਸ ਵਿਚ ਸ਼ਾਮਲ ਨੌਜਵਾਨ ਨਸ਼ਿਆਂ ਵਿਰੋਧੀ ਮੁਹਿੰਮਾਂ ਅਤੇ ਸਰਹੱਦ ਪਾਰ ਜਾਸੂਸੀ ਨੂੰ ਰੋਕਣ ਵਿਚ ਮਦਦ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਜੰਗਬੰਦੀ ਦਾ ਐਲਾਨ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਨਾਲ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸ ਮੌਕੇ ’ਤੇ ਵਿਧਾਇਕ ਲਾਡੀ ਸ਼ੇਰੋਵਾਲੀਆ, ਕੁਲਦੀਪ ਸਿੰਘ ਧਾਲੀਵਾਲ, ਸੋਨੂੰ ਢੇਸੀ, ਰਾਕੇਸ਼ ਕੰਨੋਜੀਆ, ਰਾਜੇਸ਼ ਜਿੰਦਲ, ਜਤਿੰਦਰ ਜਾਨੀ ਅਤੇ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 15 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸ਼ਹਿਰ ਵਾਸੀ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e